ਮਾਛੀਵਾੜਾ: ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂਆਂ ਵੱਲੋਂ ਅੱਜ ਮਾਰਕੀਟ ਕਮੇਟੀ ਦਫ਼ਤਰ ਵਿੱਚ ਸ਼ਹਿਰ ਦੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਤੇ ਸਰਕਾਰ ਵੱਲੋਂ ਲਗਾਏ ਗਏ ਮਿੰਨੀ ਲਾਕਡਾਊਨ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਸਰਕਾਰ ਨੇ ਜੋ ਦੁਕਾਨਾਂ ਖੋਲ੍ਹਣ ਦਾ ਸਮਾਂ 5 ਤੋਂ 12 ਵਜੇ ਤੱਕ ਕੀਤਾ ਹੈ ਉਹ ਠੀਕ ਨਹੀਂ ਬਲਕਿ ਇਹ ਸਮਾਂ ਸਵੇਰੇ 9 ਤੋਂ 5 ਵਜੇ ਤੱਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ’ਚੋਂ ਗੁਜ਼ਰ ਰਹੇ ਹਨ ਅਤੇ ਉਪਰੋਂ ਸਰਕਾਰ ਵੱਲੋਂ ਲਗਾਏ ਲੌਕਡਾਊਨ ਕਾਰਨ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਲਈ ਅਸਮਰੱਥ ਦਿਖਾਈ ਦੇ ਰਹੇ ਹਨ। ਦੁਕਾਨਦਾਰਾਂ ਨੇ ਦੱਸਿਆ ਕਿ ਸਰਕਾਰ ਆਪਣੇ ਕੀਤੇ ਫੈਸਲੇ ’ਤੇ ਇੱਕ ਵਾਰ ਫਿਰ ਗੌਰ ਕਰੇ ਅਤੇ ਉਨ੍ਹਾਂ ਨੂੰ ਰਿਆਇਤ ਦੇ ਕੇ ਬਾਜ਼ਾਰ ਖੋਲ੍ਹਣ ਦੀ ਪ੍ਰਵਾਨਗੀ ਦੇਵੇ। ਕਿਸਾਨ ਆਗੂ ਸੁਖਵਿੰਦਰ ਸਿੰਘ ਭੱਟੀਆਂ ਨੇ ਕਿਹਾ ਕਿ ਉਹ ਦੁਕਾਨਦਾਰਾਂ ਦੀ ਸਮੱਸਿਆ ਨੂੰ ਸਮਝਦੇ ਹਨ ਅਤੇ ਉਨ੍ਹਾਂ ਦੀ ਯੂਨੀਅਨ ਹਮੇਸ਼ਾ ਸਾਥ ਦੇਵੇਗੀ। ਕਿਸਾਨ ਆਗੂਆਂ ਨੇ ਵੀ ਸਰਕਾਰ ਤੋਂ ਮੰਗ ਕੀਤੀ ਕਿ ਦੁਕਾਨਦਾਰਾਂ ਦੀ ਆਰਥਿਕ ਮੰਦਹਾਲੀ ਨੂੰ ਦੇਖਦਿਆਂ ਦੁਕਾਨਾਂ ਖੋਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ 5 ਵਜੇ ਕੀਤਾ ਜਾਵੇ। -ਪੱਤਰ ਪ੍ਰੇਰਕ