ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 10 ਜੁਲਾਈ
ਨੇੜਲੇ ਪਿੰਡ ਰਸੂਲਪੁਰ ਦੀ ਨੌਜਵਾਨ ਲੜਕੀ ਕੁਲਵੰਤ ਕੌਰ ਦੀ ਕਥਿਤ ਪੁਲੀਸ ਤਸ਼ੱਦਦ ਨਾਲ ਹੋਈ ਮੌਤ ਦੇ ਮਾਮਲੇ ’ਚ ਨਾਮਜ਼ਦ ਡੀਐੱਸਪੀ ਸਣੇ ਚਾਰ ਹੋਰਨਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਇਥੇ ਥਾਣੇ ਅੱਗੇ ਚੱਲ ਰਿਹਾ ਧਰਨਾ ਅੱਜ 110ਵੇਂ ਵੀ ਜਾਰੀ ਰਿਹਾ। ਜਨਤਕ ਜਥੇਬੰਦੀਆਂ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਮੇਲ ਸਿੰਘ ਕੁਲਾਰ, ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਬਲਦੇਵ ਸਿੰਘ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜੱਗਾ ਸਿੰਘ ਢਿਲੋਂ ਸਮੇਤ ਹੋਰ ਨੁਮਾਇੰਦੇ ਸ਼ਾਮਲ ਹੋਏ। ਧਰਨਾਕਾਰੀਆਂ ਨੇ ਕਿਹਾ ਕਿ 110 ਦਿਨ ਲੰਘ ਜਾਣ ’ਤੇ ਵੀ ਪੰਜਾਬ ਸਰਕਾਰ ਅਤੇ ਉੱਚ ਪੁਲੀਸ ਅਧਿਕਾਰੀਆਂ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਇਓਂ ਜਾਪਦਾ ਹੈ ਕਿ ਭਗਵੰਤ ਮਾਨ ਸਰਕਾਰ ਗਰੀਬ ਕਿਰਤੀ ਲੋਕਾਂ ਦੀ ਹਾਮੀ ਨਹੀਂ ਹੈ। ਉਨ੍ਹਾਂ ਇਨਸਾਫ਼ ਮਿਲਣ ਤੱਕ ਇਹ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ। ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।