ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 21 ਅਪਰੈਲ
ਜਗਰਾਉਂ-ਰਾਏਕੋਟ ਰੋਡ ’ਤੇ ਸਥਿਤ ਥਾਣਾ ਸਿਟੀ ਅੱਗੇ ਇਨਸਾਫ਼ ਲਈ 29 ਦਿਨ ਤੋਂ ਚੱਲ ਰਿਹਾ ਅਣਮਿਥੇ ਸਮੇਂ ਦਾ ਧਰਨਾ ਅੱਜ ਮੀਂਹ ’ਚ ਵੀ ਜਾਰੀ ਰਿਹਾ। ਚੌਕੀਮਾਨ ਟੌਲ ਤੋਂ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦਾ ਜਥਾ ਸਕੱਤਰ ਜਸਦੇਵ ਸਿੰਘ ਲਲਤੋਂ ਤੇ ਸਰਵਿੰਦਰ ਸਿੰਘ ਸੁਧਾਰ ਦੀ ਅਗਵਾਈ ’ਚ ਇਸ ਧਰਨੇ ’ਚ ਸ਼ਾਮਲ ਹੋਇਆ। ਭਰਵੇਂ ਇਕੱਠ ਨੇ ਪੰਜਾਬ ਸਰਕਾਰ ਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੁਲਵੰਤ ਕੌਰ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਕੀਤੀ। ਧਰਨੇ ’ਚ ਹੀ ਮਾਤਾ ਸੁਰਿੰਦਰ ਕੌਰ ਨੇ ਖ਼ਰਾਬ ਸਿਹਤ ਦੇ ਬਾਵਜੂਦ 21ਵੇਂ ਦਿਨ ਵੀ ਭੁੱਖ ਹੜਤਾਲ ਜਾਰੀ ਰੱਖੀ। ਇਸੇ ਦਰਮਿਆਨ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਕਿਸਾਨ ਮਜ਼ਦੂਰ ਆਗੂਆਂ ਅਤੇ ਪੀੜਤ ਪਰਿਵਾਰ ਦੀ ਮੁਲਾਕਾਤ ਕੀਤੀ। ਉਨ੍ਹਾਂ ਜਲਦ ਹੀ ਪਰਿਵਾਰ ਤੇ ਜਨਤਕ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਤਾਂ ਜੋ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉਧਰ ਧਰਨੇ ਨੂੰ ਡਾਕਟਰ ਗੁਰਮੇਲ ਸਿੰਘ ਕੁਲਾਰ, ਸਰਪੰਚ ਦਰਸ਼ਨ ਸਿੰਘ ਵਿਰਕ, ਜਰਨੈਲ ਸਿੰਘ ਮੁੱਲਾਂਪੁਰ, ਕਾਲਾ ਡੱਬ ਮੁੱਲਾਂਪੁਰ ਆਦਿ ਨੇ ਸੰਬੋਧਨ ਕੀਤਾ। ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਦਰਜ ਮੁਕੱਦਮੇ ’ਚ ਨਾਮਜ਼ਦ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਬੁਲਾਰਿਆਂ ਨੇ ਦੱਸਿਆ ਕਿ ਗੈਰ-ਜ਼ਮਾਨਤੀ ਧਾਰਾਵਾਂ ਦੇ ਬਾਵਜੂਦ ਮੁਲਜ਼ਮ ਖੁੱਲ੍ਹੇ ਘੁੰਮ ਰਹੇ ਹਨ ਜਦਕਿ ਆਮ ਬੰਦੇ ਨੂੰ ਟੱਬਰ ਸਮੇਤ ਹਿਰਾਸਤ ’ਚ ਬੰਦ ਕਰ ਦਿੱਤਾ ਜਾਂਦਾ ਹੈ। ਧਰਨੇ ਨੂੰ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਸੁਖਦੇਵ ਸਿੰਘ ਮਾਣੂੰਕੇ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਆਦਿ ਨੇ ਵੀ ਸੰਬੋਧਨ ਕੀਤਾ।