ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 11 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਮਹਿੰਦਰ ਸਿੰਘ ਕਮਾਲਪੁਰਾ ਦੀ ਪ੍ਰਧਾਨਗੀ ਹੇਠ ਹੋਈ। ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ’ਚ ਅਲਾਹਾਬਾਦ ਹਾਈ ਕੋਰਟ ਵਲੋਂ ਲਖੀਮਪੁਰ ਖੀਰੀ ਵਿੱਚ ਪਿਛਲੇ ਸਾਲ ਗੱਡੀਆਂ ਚੜ੍ਹਾ ਕੇ ਸ਼ਹੀਦ ਕੀਤੇ ਕਿਸਾਨਾਂ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੀ ਕਰੜੀ ਨਿੰਦਾ ਦਾ ਮਤਾ ਪਾਸ ਕੀਤਾ ਗਿਆ। ਮੀਟਿੰਗ ਵਿੱਚ ਯੂਪੀ ਸਰਕਾਰ ਤੋਂ ਇਹ ਜ਼ਮਾਨਤ ਰੱਦ ਕਰਾਉਣ ਦੀ ਮੰਗ ਕੀਤੀ ਗਈ। ਮੀਟਿੰਗ ਨੇ ਨਿਆਂਪਾਲਿਕਾ ਦੇ ਇਸ ਕਥਿਤ ਪੱਖਪਾਤੀ ਰਵੱਈਏ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਫਿਰ ਸੁਪਰੀਮ ਕੋਰਟ ਵੱਲੋਂ ਤਾਇਨਾਤ ਵਿਸ਼ੇਸ਼ ਖੋਜ ਟੀਮ ਦੀ ਇਸ ਪੜਤਾਲ ਦਾ ਕੀ ਅਰਥ ਰਹਿ ਜਾਂਦਾ ਹੈ ਕਿ ਇਹ ਕੋਈ ਅਚਾਨਕ ਵਾਪਰੀ ਘਟਨਾ ਨਹੀਂ ਬਲਕਿ ਇਕ ਸੋਚੀ ਸਮਝੀ ਸਾਜ਼ਿਸ਼ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਬਾ ਕਮੇਟੀ ਦੇ ਸੱਦੇ ’ਤੇ ਜਲਦ ਹੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੀਟਿੰਗ ’ਚ 15 ਫਰਵਰੀ ਨੂੰ ਜਗਰਾਉਂ ਵਿੱਚ ਇਨਕਲਾਬੀ ਕੇਂਦਰ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਪਾਰਕ ਅਗਵਾੜ ਲੋਪੋਂ ਵਿਖੇ ਰੱਖੀ ‘ਇਨਕਲਾਬੀ ਬਦਲ ਉਸਾਰੋ ਕਨਵੈਨਸ਼ਨ’ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਇਕਾਈਆਂ ਵੱਲੋਂ ਸਮੇਤ ਔਰਤ ਵਿੰਗ ਦੇ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ।
ਬੇਮੌਸਮੀ ਬਾਰਿਸ਼ ਨਾਲ ਇਲਾਕੇ ’ਚ ਬਰਬਾਦ ਹੋਈ ਆਲੂਆਂ ਦੀ ਫ਼ਸਲ ਲਈ ਗਿਰਦਾਵਰੀ ਤੇ ਮੁਆਵਜ਼ੇ ਸਬੰਧੀ ਚੋਣ ਕਮਿਸ਼ਨ ਤੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਚੁੱਕੇ ਦਾਖਾ ਤੋਂ ਕਾਂਗਰਸ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਮੰਗ ਕੀਤੀ ਹੈ।