ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 30 ਸਤੰਬਰ
ਲਖੀਮਪੁਰ ਖੀਰੀ ਕਿਸਾਨ ਸ਼ਹਾਦਤ ਦਿਵਸ ਮੌਕੇ 3 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪਿੰਡ ਪੱਧਰ ਤੋਂ ਤਹਿਸੀਲ ਅਤੇ ਜ਼ਿਲ੍ਹਾ ਕੇਂਦਰਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਥੇਬੰਦਕ ਸਕੱਤਰ ਡਾ. ਗੁਰਚਰਨ ਸਿੰਘ ਬੜਿੰਗ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ ਨੇ ਦੱਸਿਆ ਕਿ ਐਕਸ਼ਨ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਇਕ ਹੰਗਾਮੀ ਮੀਟਿੰਗ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਚ ਭਲਕੇ 11 ਵਜੇ ਬੁਲਾਈ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਕੇ ਗ੍ਰਿਫ਼ਤਾਰ ਕਰਨ, ਨਿਰਦੋਸ਼ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਸਮੇਤ ਕਿਸਾਨਾਂ ਦੀਆਂ ਹੋਰ ਅਹਿਮ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। ਕਿਸਾਨ ਆਗੂਆਂ ਨੇ ਸਾਰੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਕਿਸਾਨਾਂ-ਮਜ਼ਦੂਰਾਂ ਦੇ ਸਮੁੱਚੇ ਕਰਜੇ ’ਤੇ ਲੀਕ ਫੇਰਨ, ਮੌਸਮ ਦੀ ਮਾਰ ਹੇਠ ਆਈਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਸਮੇਤ ਹੋਰ ਮੰਗਾਂ ਲਈ ਸੰਘਰਸ਼ ਦਾ ਸੱਦਾ ਦਿੱਤਾ।