Lal Chand Kataruchak: ਭਾਜਪਾ ਨੂੰ ਪੰਜਾਬੀ ਮੂੰਹ-ਤੋੜ ਜਵਾਬ ਦੇਣਗੇ: ਕਟਾਰੂਚੱਕ
ਮੰਤਰੀ ਨੇ ਝੋਨੇ ਦੇ ਖ਼ਰੀਦ ਪ੍ਰਬਧਾਂ ਦਾ ਜਾੲਿਜ਼ਾ ਲਿਆ
ਇੱਥੇ ਮੰਡੀ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਖ਼ੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਨੂੰ ਪਾਣੀ, ਹਵਾ ਤੇ ਧਰਤੀ ਨੂੰ ਬਚਾਉਣ ਲਈ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਭਾਜਪਾ ’ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਾਇਆ। ਕਟਾਰੂਚੱਕ ਨੇ ਕਿਹਾ ਕਿ ਜਿਸ ਸੂਬੇ ਵਿੱਚ ਚੋਣਾਂ ਹੁੰਦੀਆਂ ਹਨ ਉਥੇ ਹੀ ਭਾਜਪਾ ਇਹ ਖੇਡ ਖੇਡਦੀ ਹੈ, ਪਰ ਇਹ ਪੰਜਾਬ ਹੈ ਅਤੇ ਪੰਜਾਬੀ ਭਾਜਪਾ ਨੂੰ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਉਨ੍ਹਾਂ ਭਾਜਪਾ ‘ਤੇ ਫ਼ਿਰਕੂ ਵੰਡੀਆਂ ਪਾਉਣ ਦਾ ਵੀ ਦੋਸ਼ ਲਾਇਆ। ਸੀ ਬੀ ਆਈ ਤੇ ਈ ਡੀ ਦੀ ਛਾਪੇਮਾਰੀ ਨੂੰ ਉਨ੍ਹਾਂ ਭਾਜਪਾ ਦੀ ਬੁਖਲਾਹਟ ਕਰਾਰ ਦਿੱਤਾ। ਉਨ੍ਹਾਂ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਠੁੱਸ ਕਰਾਰ ਦਿੰਦਿਆਂ ਕਿਹਾ ਕਿ ਪੰਜਾਬੀ ਤਾਂ ਇਸ ਪਾਰਟੀ ਨੂੰ ਮੂੰਹ ਲਾਉਣ ਨੂੰ ਵੀ ਤਿਆਰ ਨਹੀਂ ਹਨ। ਦਾਣਾ ਮੰਡੀ ਪੁੱਜਣ ‘ਤੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਝੱਜ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਉਨ੍ਹਾ ਕਿਹਾ ਕਿ ਝੋਨੇ ਦੇ ਖਰੀਦ ਸੀਜ਼ਨ 2026-27 ਦੌਰਾਨ 180 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ। ਝੋਨੇ ਦੀ ਖਰੀਦ ਲਈ 42,786.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਆਰ ਬੀ ਆਈ ਵੱਲੋਂ ਜਾਰੀ ਕੀਤੀ ਜਾ ਚੁੱਕੀ ਹੈ।

