ਲੈਂਡ ਪੂਲਿੰਗ ਪਾਲਿਸੀ: ਕਿਸਾਨਾਂ ਤੇ ਔਰਤਾਂ ਨੇ ਗਲਾਡਾ ਦਫ਼ਤਰ ਘੇਰਿਆ
ਫ਼ਿਰੋਜ਼ਪੁਰ ਰੋਡ ’ਤੇ ਸਥਿਤ ਗਲਾਡਾ ਦਫ਼ਤਰ ਦੇ ਬਾਹਰ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੇ ਝੰਡੇ ਥੱਲੇ ਕਈ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਖ਼ਿਲਾਫ਼ ਕੀਤਾ ਗਿਆ ਹੈ। ਹਾਲਾਂਕਿ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲੈਂਡ ਪੂਲਿੰਗ ਪਾਲਿਸੀ ’ਤੇ ਚਾਰ ਹਫ਼ਤਿਆਂ ਦੀ ਪਾਬੰਦੀ ਲਗਾਈ ਹੈ। ਇਸ ਤੋਂ ਬਾਅਦ ਵੀ ਕਿਸਾਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੋਟਰਸਾਈਕਲ ਮਾਰਚ ਕੀਤਾ ਗਿਆ। ਗਲਾਡਾ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਅਤੇ ਆਮ ਲੋਕਾਂ ਨੇ ਇਸ ਪਾਲਿਸੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।
ਇਸ ਵਿਰੋਧ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਔਰਤਾਂ ਨੇ ਹਿੱਸਾ ਲਿਆ। ਔਰਤਾਂ ਨੇ ਲੈਂਡ ਪੂਲਿੰਗ ਪਾਲਿਸੀ ਦਾ ਵਿਰੋਧ ਕੀਤਾ ਤੇ ਸਰਕਾਰ ਖ਼ਿਲਾਫ਼ ਜੰਗ ਜਾਰੀ ਰੱਖਣ ਲਈ ਮਾਈ ਭਾਗੋ ਦਲ ਦਾ ਗਠਨ ਕੀਤਾ। ਇਸ ਵਿੱਚ ਪੰਜਾਬ ਦੀਆਂ ਸਾਰੀਆਂ ਔਰਤਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਇਹ ਲੜਾਈ ਸਿਰਫ਼ ਉਨ੍ਹਾਂ ਦੀ ਨਹੀਂ ਹੈ, ਸਗੋਂ ਉਹ ਭਵਿੱਖ ਬਚਾਉਣ ਲਈ ਲੜ ਰਹੇ ਹਨ।