ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਅਹਿਮ ਮੀਟਿੰਗ ਯੂਨੀਅਨ ਦੇ ਮੁੱਖ ਦਫ਼ਤਰ ਵਿੱਚ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੂਬਾ ਅਹੁਦੇਦਾਰਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਨੇ ਸ਼ਿਰਕਤ ਕਰਦਿਆਂ ਕਿਸਾਨੀ ਮਸਲਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ। ਮੀਟਿੰਗ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਅਤੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਕਿਸਾਨਾਂ ਦੀਆਂ ਹੱਕੀ ਅਤੇ ਅਹਿਮ ਮੰਗਾਂ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਪਹਿਲੀ ਸਤੰਬਰ ਤੋਂ ਚੰਡੀਗੜ੍ਹ ਵਿੱਚ ਧਰਨਾ ਲਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ। ਹਰਿੰਦਰ ਸਿੰਘ ਲੱਖੋਵਾਲ ਨੇ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਰੱਦ ਕਰਨ ਅਤੇ ਪੰਜਾਬ ਦੇ ਪਾਣੀਆਂ ਦੇ ਮਸਲੇ ਦਾ ਪੱਕਾ ਹੱਲ ਕੱਢਣ ਦੀ ਮੰਗ ਕੀਤੀ। ਮੀਟਿੰਗ ਦੌਰਾਨ ਪਰਮਿੰਦਰ ਸਿੰਘ ਪਾਲਮਾਜਰਾ, ਪਰਸ਼ੋਤਮ ਸਿੰਘ ਗਿੱਲ, ਹਰਮਿੰਦਰ ਸਿੰਘ ਖਹਿਰਾ ਅਤੇ ਸਿਮਰਨਜੀਤ ਸਿੰਘ ਘੁੱਦੂਵਾਲ ਨੇ ਪੈਟਰੋਲ ਵਿੱਚ ਈਥਾਨੌਲ ਦੀ ਮਿਲਾਵਟ ਕਾਰਨ ਵਾਹਨਾਂ ਦੇ ਇੰਜਣਾਂ ਨੂੰ ਹੋ ਰਹੇ ਨੁਕਸਾਨ ਦੀ ਤਕਨੀਕੀ ਜਾਂਚ ਕਰਵਾਉਣ ਅਤੇ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਜ਼ਮੀਨਾਂ ਐਕੁਆਇਰ ਨਾ ਕਰਨ ਦੀ ਮੰਗ ਕੀਤੀ।
ਇਸ ਮੌਕੇ ਅਵਤਾਰ ਸਿੰਘ ਭੇਡਪੁਰੀ, ਬਲਦੇਵ ਸਿੰਘ ਪੂਨੀਆਂ, ਮੁਖਤਿਆਰ ਸਿੰਘ ਦੀਨਾਂ ਸਾਹਿਬ ਅਤੇ ਗੁਰਪ੍ਰੀਤ ਸਿੰਘ ਸਾਹਾਬਾਣਾ ਸਮੇਤ ਸਮੂਹ ਜ਼ਿਲ੍ਹਿਆਂ ਦੇ ਪ੍ਰਧਾਨ ਹਾਜ਼ਰ ਸਨ।

