ਲੈਂਡ ਪੂਲਿੰਗ ਨੀਤੀ ਕਿਸੇ ਕੀਮਤ ’ਤੇ ਲਾਗੂ ਨਹੀਂ ਹੋਣ ਦੇਵਾਂਗੇ: ਗਿਆਸਪੁਰਾ
ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਖ਼ਿਲਾਫ਼ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਬਲਾਕ ਸਮਰਾਲਾ ਦੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਅਗਵਾਈ ਹੇਠਾਂ ਨੇੜਲੇ ਪਿੰਡ ਚੱਕਮਾਫ਼ੀ ਵਿੱਚ ਹੋਈ। ਇਸ ਮੌਕੇ ਸਰਬਸੰਮਤੀ ਨਾਲ ਸ਼ਰਨਜੀਤ ਸਿੰਘ ਵੜੈਚ ਨੂੰ ਬਲਾਕ ਪ੍ਰਧਾਨ ਖੰਨਾ ਨਿਯੁਕਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੈਂਡ ਪੂਲਿੰਗ ਪਾਲਿਸੀ ਰਾਹੀਂ ਕਿਸਾਨਾਂ ਤੇ ਮਜ਼ਦੂਰਾਂ ਦੇ ਭਵਿੱਖ ਨੂੰ ਖ਼ਤਮ ਕਰਨ ਵਿਚ ਲੱਗੀ ਹੋਈ ਹੈ। ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਹਥਿਆ ਕੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ ਪਰ ਵੱਖ ਵੱਖ ਕਿਸਾਨ ਜਥੇਬੰਦੀਆਂ ਸਰਕਾਰ ਦੀ ਇਕ ਕੋਝੀ ਚਾਲ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਮਨਪ੍ਰੀਤ ਸਿੰਘ ਘੁਲਾਲ ਨੇ ਕਿਹਾ ਕਿ ਸ਼ਰਨਜੀਤ ਸਿੰਘ ਵੜੈਚ ਨੂੰ ਜਥੇਬੰਦੀ ਦੀ ਵੱਡੀ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੰਦਿਆਂ ਆਏ ਮੈਂਬਰਾਂ ਨੂੰ ਜਥੇਬੰਦੀ ਨਾਲ ਜੁੜਨ ਦਾ ਸੁਨੇਹਾ ਦਿੱਤਾ ਅਤੇ ਸਰਕਾਰ ਵਿਰੁੱਧ ਇਕਜੁੱਟਤਾ ਨਾਲ ਲੜਾਈ ਲੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਲੜਾਈ ਲੜੀ ਗਈ ਸੀ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਨੂੰ ਕਿਸਾਨਾਂ ਦੀ ਏਕਤਾ ਦਿਖਾਈ ਜਾਵੇ। ਕੁਲਵੀਰ ਸਿੰਘ ਲੋਟੇ ਨੇ ਕਿਹਾ ਕਿ ਜਿੱਥੇ ਸਾਡੀ ਜਥੇਬੰਦੀ ਕਿਸਾਨਾਂ, ਮਜ਼ਦੂਰਾਂ ਅਤੇ ਸਮਾਜ ਦੇ ਹਰ ਵਰਗ ਨਾਲ ਖੜ੍ਹਦੀ ਹੈ, ਉੱਥੇ ਹੀ ਸਮਾਜਿਕ ਕੁਰੀਤੀਆਂ ਵਿਰੁੱਧ ਵੀ ਸਮਾਜ ਵਿੱਚ ਆਪਣਾ ਯੋਗਦਾਨ ਪਾ ਰਹੀ ਹੈ। ਮੁਖਤਿਆਰ ਸਿੰਘ ਨੇ ਕਿਹਾ ਕਿ ਸਰਕਾਰ ਦੀ ਸੂਬੇ ਲਈ ਘਾਤਕ ਯੋਜਨਾ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਸ਼ਰਨਜੀਤ ਸਿੰਘ ਨੇ ਜਥੇਬੰਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਸਟੇਜ ਸਕੱਤਰ ਦੀ ਭੂਮਿਕਾ ਰੁਪਿੰਦਰ ਸਿੰਘ ਭੱਟੀ ਨੇ ਬਾਖੂਬੀ ਨਿਭਾਈ। ਇਸ ਮੌਕੇ ਜਗਦੇਵ ਸਿੰਘ ਸੇਖੋਂ, ਮਨਪ੍ਰੀਤ ਸਿੰਘ ਗਿੱਲ, ਪ੍ਰਦੀਪ ਗਿੱਲ, ਜਗਤਾਰ ਸਿੰਘ, ਮੁਖਤਾਬ ਸਿੰਘ, ਹਰਮਿੰਦਰ ਸਿੰਘ, ਲਵਪ੍ਰੀਤ ਰਾਏ, ਹਰਮਨਜੋਤ ਸਿੰਘ, ਹਰਵਿੰਦਰ ਸਿੰਘ, ਅਵਤਾਰ ਸਿੰਘ, ਜਤਿੰਦਰ ਸਿੰਘ ਮਾਨ, ਰਾਜਵੀਰ ਸਿੰਘ, ਜਸਪਾਲ ਸਿੰਘ, ਮਨਵੀਰ ਸਿੰਘ, ਅਮਨਜੋਤ ਸਿੰਘ, ਡਾ.ਪ੍ਰਮੋਦ, ਬਲਵਿੰਦਰ ਸਿੰਘ, ਜਗਜੀਤ ਸਿੰਘ, ਰਾਜਿੰਦਰ ਸਿੰਘ, ਮੋਹਨ ਸਿੰਘ, ਗੁਰਦੀਪ ਸਿੰਘ, ਸਰਬਜੀਤ ਸਿੰਘ, ਗੁਰਮੀਤ ਸਿੰਘ, ਸਤਵਿੰਦਰ ਸਿੰਘ ਆਦਿ ਹਾਜ਼ਰ ਸਨ।