ਗਗਨਦੀਪ ਅਰੋੜਾ
ਲੁਧਿਆਣਾ, 2 ਮਾਰਚ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਕਾਰ ਸੇਵਾ ਖਡੂਰ ਸਾਹਿਬ ਦੇ ਪ੍ਰਮੁੱਖ ਬਾਬਾ ਸੇਵਾ ਸਿੰਘ ਦੇ ਸਹਿਯੋਗ ਨਾਲ ਅੱਜ ਸਥਾਨਕ ਸ਼ਿਵਪੁਰੀ ਇਲਾਕੇ ਵਿਚ ਬੁੱਢੇ ਨਾਲੇ ਦੇ ਕਿਨਾਰਿਆਂ ’ਤੇ 14 ਕਿਲੋਮੀਟਰ ਏਰੀਏ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਮੁਹਿੰਮ ਦੀ ਰਸਮੀ ਸ਼ੁਰੂਆਤ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੀ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ ਜਸਬੀਰ ਸਿੰਘ (ਸੇਵਾਮੁਕਤ) ਨੇ ਕੀਤੀ। ਇਸ ਵਿਸ਼ੇਸ਼ ਮੁਹਿੰਮ ਤਹਿਤ, 8-10 ਫੁੱਟ ਲੰਬਾਈ ਵਾਲੇ ਬੂਟੇ ਸਾਰੇ ਖੇਤਰ ਵਿੱਚ ਲਗਾਏ ਜਾਣਗੇ।
ਜਸਟਿਸ ਜਸਬੀਰ ਸਿੰਘ ਨੇ ਬਾਬਾ ਸੇਵਾ ਸਿੰਘ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸੂਬੇ ਨੂੰ ਸਵੱਛ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਬੂਟੇ ਲਗਾਉਣ ਤੇ ਉਨ੍ਹਾਂ ਸੰਭਾਲ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਐਨਜੀਟੀ ਵਾਤਾਵਰਣ ਦੀ ਰਾਖੀ ਦਾ ਕੰਮ ਪਹਿਲਾਂ ਹੀ ਕਰ ਰਹੇ ਹਨ ਪਰ ਹੁਣ ਲੋਕਾਂ ਨੂੰ ਅੱਗੇ ਆ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਇਸ ਨੇਕ ਕੰਮ ਵਿਚ ਸ਼ਾਮਲ ਹੋਣ ਦੀ ਲੋੜ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਬੂਟਿਆਂ ਦੀ ਸਹੀ ਸੰਭਾਲ ਅਤੇ ਨਿਯਮਤ ਰੂਪ ਨਾਲ ਪਾਣੀ ਦੇਣ ਲਈ ਸਥਾਈ ਅਮਲੇ ਦੀ ਨਿਯੁਕਤੀ ਕਰਨ। ਇਸ ਨਾਲ ਬੁੱਢੇ ਨਾਲੇ ਦਾ ਆਲਾ-ਦੁਆਲਾ ਹਰਿਆ-ਭਰਿਆ ਰਹੇਗਾ।
ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਰੁੱਖ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਵਾਤਾਵਰਨ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ।
ਡੀਸੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਮੁਹਿੰਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਨਾਲ ਸ਼ੁਰੂ ਕੀਤੀ ਗਈ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਆ ਜਾ ਸਕੇ। ਡੀਸੀ ਨੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਕੀਦ ਕੀਤੀ ਕਿ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਹਰਿਆਵਲ ਨੂੰ ਵਧਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ। ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਨਿਗਮ ਬੂਟਿਆਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਲੋੜੀਂਦਾ ਸਟਾਫ ਨਿਯੁਕਤ ਕਰੇਗਾ।
ਡੇਰਾ ਕਾਰ ਸੇਵਾ ਖਡੂਰ ਸਾਹਿਬ ਦੇ ਮੁੱਖੀ ਬਾਬਾ ਸੇਵਾ ਸਿੰਘ ਨੇ ਕਿਹਾ ਕਿ ਉਹ ਬੁੱਢੇ ਨਾਲੇ ਦੇ ਦੋਵਾਂ ਪਾਸਿਆਂ ਨੂੰ ਕਵਰ ਕਰ ਕੇ ਤੇ ਸਵੈ-ਸੇਵਕਾਂ ਰਾਹੀਂ ਬੂਟਿਆਂ ਦੀ ਦੇਖਭਾਲ ਨੂੰ ਯਕੀਨੀ ਬਣਾਉਣਗੇ।