ਸਮਰਾਲਾ: ਮਾਲਵਾ ਕਾਲਜ ਬੌਂਦਲੀ-ਸਮਰਾਲਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ‘ਇਨਸਾਫ਼ ਸਭਨਾਂ ਲਈ’ ਵਿਸ਼ੇ ’ਤੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਚੀਫ਼ ਜੁਡੀਸ਼ਲ ਮੈਜਿਸਟਰੇਟ (ਕਾਨੂੰਨੀ ਸਹਾਇਤਾ ਸੇਵਾਵਾਂ) ਲੁਧਿਆਣਾ ਪੀ.ਐੱਸ. ਕਾਲੇਕਾ ਅਤੇ ਵਧੀਕ ਸਿਵਲ ਜੱਜ, ਸੀਨੀਅਰ ਡਿਵੀਜ਼ਨ ਸਮਰਾਲਾ ਮੇਘਾ ਧਾਲੀਵਾਲ ਨੇ ਸ਼ਿਰਕਤ ਕੀਤੀ। ਕਾਰਜਕਾਰੀ ਪ੍ਰਿੰਸੀਪਲ ਡਾ. ਹਰਿੰਦਰਜੀਤ ਸਿੰਘ ਕਲੇਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਸ੍ਰੀ ਕਾਲੇਕਾ ਨੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਦੇ ਹੋਏ ਦੱਸਿਆ ਕਿ ਕਿਵੇਂ ਕਾਨੂੰਨੀ ਦਾਇਰੇ ਵਿੱਚ ਰਹਿ ਕੇ ਲੋੜਵੰਦ ਲੋਕ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦਾ ਤਰੀਕਾ ਅਤੇ ਕੇਸ ਲਗਵਾਉਣ ਲਈ ਲੋਕ ਅਦਾਲਤਾਂ ਨਾਲ ਕਿਵੇਂ ਸੰਪਰਕ ਕਰਨਾ ਹੈ, ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਪ੍ਰੋ. ਜਗਮੋਹਣ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸ੍ਰੀ ਕਾਲੇਕਾ ਵੱਲੋਂ ਦਿੱਤੀ ਜਾਣਕਾਰੀ ਨੂੰ ਬੇਹੱਦ ਜ਼ਰੂਰੀ ਦੱਸਿਆ। -ਪੱਤਰ ਪ੍ਰੇਰਕ