ਪੱਤਰ ਪ੍ਰੇਰਕ
ਸਮਰਾਲਾ, 6 ਮਾਰਚ
ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਚ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਵਿੱਚ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰ ਕੇ ਆਪਣੇ ਹੱਥਾਂ ਵਿੱਚ ਲੈਣ, ਚੰਡੀਗੜ੍ਹ ਬਿਜਲੀ ਬੋਰਡ ਜੋ ਮੁਨਾਫ਼ੇ ਵਿੱਚ ਹੋਣ ਦੇ ਬਾਵਜੂਦ ਪ੍ਰਾਈਵੇਟ ਹੱਥਾਂ ਵਿੱਚ ਦੇਣ ਆਦਿ ਮੁੱਦੇ ਵਿਚਾਰੇ ਗਏ।
ਇਸ ਮੌਕੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਦਾ ਬਦਲਾ ਲੈਣ ਲਈ ਪੰਜਾਬ ਦੇ ਸਾਰੇ ਅਧਿਕਾਰ ਖੋਹ ਕੇ ਸੂਬੇ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ, ਪਰ ਪੰਜਾਬ ਦੇ ਲੋਕ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਕੇਂਦਰ ਸਰਕਾਰ ਆਪਣੀਆਂ ਕੋਝੀਆਂ ਚਾਲਾਂ ਤੋਂ ਬਾਜ ਨਾ ਆਈ ਤਾਂ ਪੰਜਾਬ ਦੇ ਕਿਸਾਨ ਅਜੇ ਵੀ ਵੱਡੇ ਸੰਘਰਸ਼ ਲਈ ਤਿਆਰ ਖੜ੍ਹੇ ਹਨ। ਕਿਸਾਨਾਂ ਨੇ ਅਜੇ ਵੀ ਆਪਣੀਆਂ ਟਰਾਲੀਆਂ ਵਿੱਚੋਂ ਸਾਮਾਨ ਨਹੀਂ ਲਾਹਿਆ ਹੈ। ਬਲਵੀਰ ਸਿੰਘ ਖੀਰਨੀਆਂ ਨੇ ਕਿਹਾ ਕਿ ਕੇਂਦਰ ਵਾਰ ਵਾਰ ਪੰਜਾਬ ਦੀ ਅਣਖ ਨੂੰ ਵੰਗਾਰ ਰਿਹਾ ਹੈ। ਪੰਜਾਬ ਭਾਰਤ ਦਾ ਹਿੱਸਾ ਹੈ ਅਤੇ ਸਦਾ ਰਹੇਗਾ ਪਰ ਲੋਕ ਮਾਰੁੂ ਫ਼ੈਸਲੇ ਕਰਨ ਵਾਲੀ ਕੇਂਦਰ ਸਰਕਾਰ ਦਾ ਪਤਨ ਸ਼ੁਰੂ ਹੋ ਗਿਆ ਹੈ, ਇਸ ਲਈ ਉਹ ਮਾੜੇ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਦੇ ਲੋਕ ਸਿਆਸੀ ਲੋਕਾਂ ਦਾ ਖਹਿੜਾ ਛੱਡ ਇਕਜੁੱਟ ਹੋਣ ਦਾ ਸਬੂਤ ਦੇਣ।