ਖੇਤਰੀ ਪ੍ਰਤੀਨਿਧ
ਲੁਧਿਆਣਾ, 31 ਅਗਸਤ
ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨਾਨ ਟੀਚਿੰਗ ਮੁਲਾਜ਼ਮਾਂ ਨੇ ਅੱਜ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੂੰ ਮੰਗ ਪੱਤਰ ਸੌਂਪਿਆ। ਇਹ ਮੁਲਾਜ਼ਮ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਮੁਲਾਜ਼ਮਾਂ ਨੇ 3 ਸਤੰਬਰ ਨੂੰ ਯੂਨੀਵਰਸਿਟੀ ਦੇ ਮੁੱਖ ਗੇਟ ਤੋਂ ਗੇਟ ਨੰਬਰ 5 ਤੱਕ ਰੋਸ ਰੈਲੀ ਕਰਨ ਦਾ ਫ਼ੈਸਲਾ ਕੀਤਾ ਹੈ। ਮੰਗ ਪੱਤਰ ਸੌਂਪਣ ਵਾਲੇ ਵਫ਼ਦ ਦੀ ਅਗਵਾਈ ਪ੍ਰਧਾਨ ਦੀਦਾਰ ਸਿੰਘ ਅਤੇ ਸੀਨੀਅਰ ਵਾਈਸ ਪ੍ਰਧਾਨ ਬਲਰਾਜ ਸਿੰਘ ਕਰ ਰਹੇ ਸਨ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਵਿੱਚ ਛੇਵਾਂ ਪੇਅ ਕਮਿਸ਼ਨ ਲਾਗੂ ਹੋਣ ਦੇ ਬਾਵਜੂਦ ਯੂਨੀਵਰਸਿਟੀ ਦੇ ਨਾਨ-ਟੀਚਿੰਗ ਕਰਮਚਾਰੀਆਂ ਨੂੰ 1-7-2021 ਤੋਂ ਹੁਣ ਤੱਕ ਦਾ ਬਕਾਇਆ ਅਤੇ ਨਵੇਂ ਸਕੇਲ ਮੁਤਾਬਿਕ ਤਨਖਾਹਾਂ ਨਹੀਂ ਮਿਲੀਆਂ। ਇਸ ਤੋਂ ਪਹਿਲਾਂ ’ਵਰਸਿਟੀ ਦੇ ਉਪ ਕੁਲਪਤੀ, ਸਬੰਧਤ ਮੰਤਰੀਆਂ ਨਾਲ ਵੀ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਮਸਲਾ ਜਿਉਂ ਦਾ ਤਿਉਂ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨਵੇਂ ਪੇਅ ਸਕੇਲ ਲਾਗੂ ਨਾ ਹੋਣ ਕਾਰਨ ਮੁਲਾਜ਼ਮਾਂ ਨੂੰ ਵਿੱਤੀ ਮਾਰ ਪੈ ਰਹੀ ਹੈ। ਸਰਕਾਰ ਅਤੇ ’ਵਰਸਿਟੀ ਪ੍ਰਸ਼ਾਸਨ ਦੇ ਇਸ ਰਵੱਈਏ ਤੋਂ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹੋ ਵਜ੍ਹਾ ਹੈ ਕਿ ਹੁਣ ਉਨ੍ਹਾਂ ਨੇ 3 ਸਤੰਬਰ ਨੂੰ ’ਵਰਸਿਟੀ ਦੇ ਮੁੱਖ ਗੇਟ ਤੋਂ 5 ਨੰਬਰ ਗੇਟ ਤੱਕ ਰੋਸ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਹੈ। ਇਸ ਮਾਰਚ ਸਬੰਧੀ ਜਾਣੂ ਕਰਵਾਉਣ ਲਈ ਵੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਰੋਸ ਮਾਰਚ ਦੌਰਾਨ ਜਿੱਥੇ ਸਰਕਾਰ ਅਤੇ ’ਵਰਸਿਟੀ ਪ੍ਰਸਾਸ਼ਨ ਵਿਰੁੱਧ ਨਾਅਰੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਉੱਥੇ ਟਰੈਫਿਕ ਵਿੱਚ ਕੋਈ ਅੜਿੱਕਾ ਨਾ ਪਾਉਣ ਦਾ ਫ਼ੈਸਲਾ ਵੀ ਕੀਤਾ ਗਿਆ।