ਸਤਵਿੰਦਰ ਬਸਰਾ
ਲੁਧਿਆਣਾ, 27 ਅਕਤੂਬਰ
ਆਲ ਪੰਜਾਬ ਪੇਰੈਂਟਸ ਐਸੋਸੀਏਸ਼ਨ ਦੇ ਵਫ਼ਦ ਵੱਲੋਂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰ ਕੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਕਥਿਤ ਲੁੱਟ ਖ਼ਿਲਾਫ਼ ਇਕ ਮੰਗ ਪੱਤਰ ਮੁੱਖ ਮੰਤਰੀ ਨੂੰ ਸੌਂਪਿਆ। ਇਸ ਵਫ਼ਦ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਸਿੱਖਿਆ ਦੇ ਨਾਂ ’ਤੇ ਕੀਤੀਆਂ ਜਾ ਰਹੀਆਂ ਕਥਿਤ ਦੁਕਾਨਦਾਰੀਆਂ ਬੰਦ ਕਰਵਾਉਣ ਦੀ ਅਪੀਲ ਕੀਤੀ।
ਵਫ਼ਦ ਦੇ ਨੁਮਾਇੰਦੇ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਘਈ ਨੇ ਦੱਸਿਆ ਕਿ ਸੂਬੇ ਦੇ 70 ਫੀਸਦ ਬੱਚੇ ਪ੍ਰਾਈਵੇਟ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਹਨ ਪਰ ਅਫਸੋਸ ਇਨ੍ਹਾਂ ਸਕੂਲਾਂ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦੇ ਮਾਪਿਆਂ ਦੀ ਲੁੱਟ ਕੀਤੀ ਜਾ ਰਹੀ ਹੈ। ਕੋਵਿਡ ਮਹਾਮਾਰੀ ਕਰ ਕੇ ਅਦਾਲਤ ਨੇ ਵੀ ਮਾਪਿਆਂ ਤੋਂ ਸਿਰਫ ਟਿਊਸ਼ਨ ਫੀਸਾਂ ਲੈਣ ਲਈ ਆਖਿਆ ਸੀ ਪਰ ਸਕੂਲਾਂ ਵਾਲਿਆਂ ਵੱਲੋਂ ਇਸ ਵਿੱਚ ਕਈ ਤਰ੍ਹਾਂ ਦੇ ਫੰਡ ਸ਼ਾਮਲ ਕਰ ਦਿੱਤੇ ਗਏ ਹਨ। ਇਸ ਵਫਦ ਨੇ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਸਟਿਸ ਰਣਜੀਤ ਸਿੰਘ ਅਤੇ ਜਸਟਿਸ ਅਮਰ ਦੱਤ ਦੀ ਅਗਵਾਈ ’ਚ ਬਣੀ ਫੀਸ ਕਮੇਟੀ ਨੂੰ ਮੁੜ ਤੋਂ ਬਹਾਲ ਕਰਨ, ਰੈਗੂਲੇਟਰੀ ਕਮੇਟੀਆਂ ਬੰਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ਕੋਲ ਵਾਧੂ ਪੈਸਾ ਹੈ ਤਾਂ ਉਹ ਮਾਪਿਆਂ ਤੋਂ ਵੱਧ ਪੈਸੇ ਨਹੀਂ ਲੈ ਸਕਦਾ।
ਉਨ੍ਹਾਂ ਮੰਗ ਕੀਤੀ ਕਿ ਸਕੂਲਾਂ ਕੋਲੋਂ ਫੀਸਾਂ ਵਧਾਉਣ ਦਾ ਕਾਰਨ ਜ਼ਰੂਰ ਪੁੱਛਿਆ ਜਾਵੇ, ਹਰ ਸਾਲ ਦਾਖਲਾ ਫੀਸ ਲੈਣੀ ਬੰਦ ਕੀਤੀ ਜਾਵੇ, ਸਕੂਲ ਦੀ ਪੀਟੀਏ ਵਿੱਚ ਮਾਪਿਆਂ ਦਾ ਇੱਕ ਨੁਮਾਇੰਦਾ ਲਿਆ ਜਾਵੇ, 22 ਦਸੰਬਰ 2016 ਨੂੰ ਜੋ ਐਕਟ ਬਣਾਇਆ ਗਿਆ ਸੀ ਉਸ ਨੂੰ ਰੱਦ ਕੀਤਾ ਜਾਵੇ ਅਤੇ ਜਿਹੜੇ ਸਕੂਲਾਂ ਨੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਮਾਪਿਆਂ ਤੋਂ ਵਾਧੂ ਪੈਸੇ ਵਸੂਲੇ ਉਹ ਵਾਪਸ ਕਰਵਾਏ ਜਾਣ। ਇਸ ਮੌਕੇ ਵਫਦ ਨੇ ਮੁੱਖ ਮੰਤਰੀ ਨੂੰ ਸਨਮਾਨ ਵਜੋਂ ਡਾ. ਭੀਮ ਰਾਓ ਅੰਬੇਦਕਰ ਦੀ ਤਸਵੀਰ ਵੀ ਭੇਟ ਕੀਤੀ।
ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ
ਲੁਧਿਆਣਾ (ਗੁਰਿੰਦਰ ਸਿੰਘ): ਇੱਥੇ ਅੱਜ ਪ੍ਰਮੁੱਖ ਸਿੱਖ ਜੱਥੇਬੰਦੀਆਂ ਵੱਲੋਂ ਗੁਰੂ ਨਾਨਕ ਦੇਵ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਮਾਮਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧਿਆਨ ਵਿੱਚ ਲਿਆ ਕੇ ਅਨਿਲ ਅਰੋੜਾ ਤੇ ਉਸ ਦੇ ਸਾਥੀਆਂ ਦੀ ਤੁਰੰਤ ਗ੍ਰਿਫ਼ਤਾਰੀ ਕਰਨ ਦੀ ਮੰਗ ਕੀਤੀ ਗਈ। ਸਰਕਟ ਹਾਊਸ ਵਿੱਚ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਜੱਥੇਦਾਰ ਨਿਮਾਣਾ ਨੇ ਦੱਸਿਆ ਕਿ ਲੁਧਿਆਣਾ ਪੁਲੀਸ ਦੇ ਅਧਿਕਾਰੀ ਪਿਛਲੇ ਇੱਕ ਹਫ਼ਤੇ ਤੋ ਅਨਿਲ ਅਰੋੜਾ ਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਅਸਫ਼ਲ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ 48 ਘੰਟੇ ਦਾ ਸਮਾਂ ਮੰਗਿਆ ਗਿਆ ਸੀ ਪਰ ਇਸ ਦੇ ਬਾਵਜੂਦ ਹੁਣ ਤੱਕ ਉਕਤ ਦੋਸ਼ੀ ਤੇ ਉਸ ਦੇ ਸਾਥੀਆਂ ਨੂੰ ਪੁਲੀਸ ਗ੍ਰਿਫ਼ਤਾਰ ਕਰਨ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਸੰਗਤ ਵਿੱਚ ਰੋਸ ਹੈ। ਉਨ੍ਹਾਂ ਅਲਟੀਮੇਟਮ ਦਿੱਤਾ ਕਿ ਜੇਕਰ ਅੱਜ ਸ਼ਾਮ 6 ਵਜੇ ਤੱਕ ਫ਼ਿਰਕੂ ਸੋਚ ਦੇ ਧਾਰਨੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ ਸਮੂਹ ਸਿੱਖ ਜੱਥੇਬੰਦੀਆਂ ਦਾ ਸੰਘਰਸ਼ ਹੋਰ ਤੇਜ਼ ਕਰਦਿਆਂ ਸਿਰਫ਼ ਲੁਧਿਆਣੇ ਤੱਕ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਵਿੱਚ ਵਿਆਪਕ ਤੌਰ ’ਤੇ ਫੈਲੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਸਿਰ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਭੋਰਸਾ ਦਿਵਾਇਆ ਕਿ ਗੁਰੂ ਨਾਨਕ ਦੇਵ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ ਤੇ ਸ਼ਾਂਤੀ ਬਣਾਈ ਰੱਖਣ।