ਸਿੱਖ ਨੌਜਵਾਨ ਸੁਸਾਇਟੀ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ
ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੀਆਂ ਮਿਤੀਆਂ ਬਾਰੇ ਫ਼ੈਸਲਾ ਕਰਨ ਦੀ ਮੰਗ
ਸਿੱਖ ਨੌਜਵਾਨ ਸੇਵਾ ਸੁਸਾਇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਪੱਤਰ ਲਿਖਕੇ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਅਤੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜੇ ਇੱਕ ਹੀ ਮਿਤੀ ਨੂੰ ਆਉਣ ਬਾਰੇ ਤੁਰੰਤ ਫ਼ੈਸਲਾ ਕੀਤਾ ਜਾਵੇ। ਅੱਜ ਇੱਥੇ ਸੁਸਾਇਟੀ ਦੇ ਪ੍ਰਧਾਨ ਮਨਿੰਦਰ ਸਿੰਘ ਆਹੂਜਾ ਵੱਲੋਂ ਸਿੰਘ ਸਾਹਿਬਾਨ ਨੂੰ ਲਿਖੇ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚੱਲ ਰਹੇ ਸਾਲ ਦੌਰਾਨ 16 ਜਨਵਰੀ ਤੋਂ ਬਾਅਦ ਦੂਜੀ ਵਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਆ ਰਹੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ ਦੁਬਿਧਾ ਵਿੱਚ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਦੀ ਸੰਗਤ, ਗੁਰਦੁਆਰਾ ਕਮੇਟੀਆਂ, ਸਿੱਖ ਜਥੇਬੰਦੀਆਂ ਅਤੇ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਵੀ ਇਸ ਮਾਮਲੇ ਦੇ ਸਾਰਥਕ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ’ਚ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਅਗਾਮੀ ਇਕੱਤਰਤਾ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕੇ ਇਹ ਗੱਲ ਜ਼ਿਕਰਯੋਗ ਹੈ ਕਿ ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਚੱਲਦਿਆਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਤੇ ਪ੍ਰਕਾਸ਼ ਪੁਰਬ ਇਕੋ ਦਿਨ ਭਾਵ 27 ਦਸੰਬਰ ਨੂੰ ਆਉਣ ਕਰਕੇ ਸੰਗਤ ਸੋਚ ਵਿੱਚ ਹੈ। ਉਨ੍ਹਾਂ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਦੀ ਸਬ ਕਮੇਟੀ ਜਾਂ ਧਰਮ ਪ੍ਰਚਾਰ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਇਸ ਵਾਰ 27 ਦਸੰਬਰ ਦੀ ਥਾਂ ਕਿਸੇ ਹੋਰ ਮਿਤੀ ਨੂੰ ਮਨਾਉਣ ਸਬੰਧੀ ਅਕਾਲ ਤਖਤ ਸਾਹਿਬ ਸਕੱਤਰੇਤ ਨੂੰ ਅਜੇ ਤੱਕ ਕੋਈ ਲਿਖਤੀ ਬੇਨਤੀ ਪੱਤਰ ਨਹੀਂ ਭੇਜਿਆ ਗਿਆ। ਇਸ ਲਈ ਸਮਝਿਆ ਜਾਂਦਾ ਹੈ ਕਿ ਅਜਿਹਾ ਪੱਤਰ ਮਿਲਣ ਤੋਂ ਬਾਅਦ ਹੀ ਸਿੰਘ ਸਾਹਿਬਾਨ ਵੱਲੋਂ ਅਗਾਮੀ ਇਕੱਤਰਤਾ ਵਿਚ ਪ੍ਰਕਾਸ਼ ਪੁਰਬ ਦੀ ਮਿਤੀ ਵਿੱਚ ਤਬਦੀਲੀ ਸਬੰਧੀ ਸਿੱਖ ਸੰਗਤ ਦੇ ਨਾਮ ਕੋਈ ਆਦੇਸ਼ ਜਾਰੀ ਕੀਤਾ ਜਾ ਸਕਦਾ ਹੈ।

