ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਅਗਸਤ
ਹਵਾਰਾ ਕਮੇਟੀ ਰਿਹਾਈ ਫਰੰਟ ਨੇ ਅੱਜ ਪ੍ਰੋ. ਬਲਜਿੰਦਰ ਸਿੰਘ ਦੀ ਅਗਵਾਈ ਹੇਠ ਲੁਧਿਆਣਾ ਜ਼ਿਲ੍ਹੇ ਦੇ ਚਾਰ ਵਿਧਾਇਕਾਂ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਵਿਧਾਨ ਸਭਾ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮਤਾ ਪਾਸ ਕਰਨ ਦੀ ਅਪੀਲ ਕੀਤੀ।
ਕਮੇਟੀ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ‘ਆਪ’ ਦੇ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ ਅਤੇ ਗੁਰਪ੍ਰੀਤ ਗੋਗੀ ਨੂੰ ਮੰਗ ਪੱਤਰ ਦਿੱਤੇ। ਆਗੂਆਂ ਨੇ ਕਿਹਾ ਕਿ ਬੰਦੀ ਸਿੰਘ ਪੰਜਾਬ ਦੇ ਜੰਮ-ਪਲ ਹਨ ਅਤੇ ਉਨ੍ਹਾਂ ਦੇ ਪਰਿਵਾਰ ਬੰਦੀਆਂ ਦੀ ਸਜ਼ਾ ਪੂਰੀ ਹੋਣ ਦੇ ਬਾਅਦ ਰਿਹਾਈਆਂ ਦੇ ਹੱਕਦਾਰ ਹਨ, ਇਸ ਲਈ ਉਨ੍ਹਾਂ ਦੀ ਰਿਹਾਈ ’ਤੇ ਸਿਆਸਤ ਕਰਨ ਦੀ ਥਾਂ ਰਿਹਾਈ ਲਈ ਇਮਾਨਦਾਰੀ ਨਾਲ ਯਤਨ ਹੋਣੇ ਚਾਹੀਦੇ ਹਨ।
ਹਵਾਰਾ ਕਮੇਟੀ ਦੇ ਪ੍ਰੋ. ਬਲਜਿੰਦਰ ਸਿੰਘ, ਬਲਦੇਵ ਸਿੰਘ ਨਵਾਂ ਪਿੰਡ, ਮਹਾਂਬੀਰ ਸਿੰਘ ਸੁਲਤਾਨਵਿੰਡ, ਰਘਬੀਰ ਸਿੰਘ ਭੁੱਚਰ ਅਤੇ ਜਗਜੀਤ ਸਿੰਘ ਕੋਚ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਦੇ ਵਿਧਾਇਕਾਂ ਨੂੰ ਤਾਮਿਲਨਾਡੂ ਦੀ ਤਰਜ਼ ’ਤੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਸੰਵਿਧਾਨਿਕ ਤੌਰ ਉੱਤੇ ਰਿਹਾਈ ਨੂੰ ਯਕੀਨੀ ਬਨਾਉਣਾ ਚਾਹੀਦਾ ਹੈ। ਚੇਤੇ ਰਹੇ ਕਿ ਤਾਮਿਲਨਾਡੂ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਰਾਜੀਵ ਗਾਂਧੀ ਦੇ ਹਤਿਆਰਿਆਂ ਦੀ ਰਿਹਾਈ ਦੇ ਹੱਕ ਵਿੱਚ ਸਤੰਬਰ 2018 ਵਿੱਚ ਮਤਾ ਪਾਸ ਕੀਤਾ ਸੀ। ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਤਰਨ ਤਾਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਜਦਕਿ ਅੱਜ ਲੁਧਿਆਣਾ ਦੇ ਸਾਰੇ ਵਿਧਾਇਕਾਂ ਨੂੰ ਮੰਗ ਪੱਤਰ ਦੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਸਾਰੇ ਵਿਧਾਇਕਾਂ ਨੇ ਹਵਾਰਾ ਕਮੇਟੀ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਮੁੱਦੇ ਨੂੰ ਵਿਧਾਨ ਸਭਾ ਵਿੱਚ ਉਠਾਉਣਗੇ।