ਪੰਜਾਬੀ ਭਾਸ਼ਾ ਪ੍ਰਤੀ ਮਾੜੇ ਰਵੱਈਏ ਬਾਰੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਚਿੱਠੀ
ਖੇਤਰੀ ਪ੍ਰਤੀਨਿਧ
ਲੁਧਿਆਣਾ 12 ਜੂਨ
ਪੰਜਾਬੀ ਸਾਹਿਤ ਅਕਾਦਮੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਚਿੱਠੀ ਲਿਖ ਕੇ ਸੂਬੇ ਵਿੱਚ ਪੰਜਾਬੀ ਭਾਸ਼ਾ ਨਾਲ ਹੋ ਰਹੇ ਮਾੜੇ ਵਤੀਰੇ ਸਬੰਧੀ ਚਿੰਤਾ ਪ੍ਰਗਟਾਈ ਹੈ। ਅਕਾਦਮੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਸਥਾਨ ਦਿਵਾਇਆ ਜਾਵੇ ਅਤੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਵਿੱਚ ਪੰਜਾਬੀ ਵਿੱਚ ਕੰਮ ਕਰਨ, ਪ੍ਰਾਈਵੇਟ ਸਕੂਲਾਂ ਵਿੱਚ ਵੀ ਪੰਜਾਬੀ ਨੂੰ ਬਣਦਾ ਸਤਿਕਾਰ ਦਿਵਾਉਣ ਲਈ ਉਪਰਾਲੇ ਕੀਤੇ ਜਾਣ। ਇਸ ਸਬੰਧੀ ਅਕਾਦਮੀ ਦੇ ਅਹੁਦੇਦਾਰਾਂ ਨੇ ਇਸ ਸਬੰਧ ਵਿੱਚ ਵਿਚਾਰ-ਚਰਚਾ ਲਈ ਸਰਕਾਰ ਤੋਂ ਮੀਟਿੰਗ ਦਾ ਸਮਾਂ ਵੀ ਮੰਗਿਆ ਹੈ।
ਉਨ੍ਹਾਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਚੱਲ ਰਹੇ ਅੰਗਰੇਜ਼ੀ ਮਾਧਿਅਮ ਵਾਲੇ ਸਕੂਲਾਂ ਵਿੱਚ ਪੰਜਾਬੀ ਪੜ੍ਹਨ ਜਾਂ ਬੋਲਣ ’ਤੇ ਲਗਾਈ ਜਾ ਰਹੀ ਰੋਕ ਹਟਾਈ ਜਾਵੇ, ਪੰਜਾਬ ਰਾਜ ਭਾਸ਼ਾ ਐਕਟ ਤਹਿਤ ਪੰਜਾਬੀ ਦੀ ਵਰਤੋਂ ਨਾ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਹੋਵੇ। ਉਨ੍ਹਾਂ ਦੱਸਿਆ ਕਿ ਅਕਾਦਮੀ ਦੇ ਪ੍ਰਬੰਧਕੀ ਬੋਰਡ ਦੀ 8 ਜੂਨ ਨੂੰ ਹੋਈ ਮੀਟਿੰਗ ਵਿੱਚ ਇਹ ਮਹਿਸੂਸ ਕੀਤਾ ਗਿਆ ਕਿ ਪੰਜਾਬੀ ਭਾਸ਼ਾ ਨਾਲ ਦੁਰਵਿਵਹਾਰ ਦੀ ਹਾਲਤ ਗੰਭੀਰ ਹੋ ਗਈ ਹੈ। ਇਸ ਲਈ ਉਕਤ ਮਾਮਲੇ ਸਬੰਧੀ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਨਾ ਅਤਿ ਜ਼ਰੂਰੀ ਹੋ ਗਿਆ ਹੈ। ਜੇਕਰ ਮੀਟਿੰਗ ਦਾ ਸਮਾਂ ਨਾਂ ਦਿੱਤਾ ਗਿਆ ਤਾਂ ਅਕਾਡਮੀ ਦੇ ਅਹੁਦੇਦਾਰ ਅਗਲੇ ਕਦਮ ਚੁੱਕਣ ਲਈ ਮਜਬੂਰ ਹੋਣਗੇ।
ਵਫਦ ਰੂਪ ’ਚ ਮੀਟਿੰਗ ਦੀ ਮੰਗ ਕਰਨ ਵਾਲਿਆਂ ਵਿੱਚ ਹੋਰਨਾਂ ਤੋ ਇਲਾਵਾ ਅਕਾਡਮੀ ਦੇ ਮੌਜੂਦਾ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀ. ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲ਼ਖਵਿੰਦਰ ਜੌਹਲ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਨਖੇੜਾ, ਜਨਮੇਜਾ ਸਿੰਘ ਜੌਹਲ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।