ਸੰਤੋਖ ਗਿੱਲ
ਗੁਰੂਸਰ ਸੁਧਾਰ, 11 ਸਤੰਬਰ
ਵਿਵਾਦਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਹਕੂਮਤ ਵਿਰੁੱਧ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਚੱਲ ਰਹੇ ਪੱਕੇ ਮੋਰਚੇ ਵਿਚ ਸ਼ਾਮਲ ਅੰਦੋਲਨਕਾਰੀਆਂ ਦੇ ਹੌਸਲੇ ਅੱਜ ਹੋਰ ਵੀ ਬੁਲੰਦ ਦਿਖਾਈ ਦਿੱਤੇ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਸੁਰਜੀਤ ਸਿੰਘ ਸੀਲੋਂ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਮੋਦੀ ਹਕੂਮਤ ਨੂੰ ਹੁਣ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ, ਦੇਰ ਸਵੇਰ ਹੈਂਕੜਬਾਜ਼ ਮੁੱਖ ਮੰਤਰੀ ਖੱਟਰ ਵਾਂਗ ਮੋਦੀ ਹਕੂਮਤ ਨੂੰ ਵੀ ਇਕ ਦਿਨ ਗੋਡਿਆਂ ਭਾਰ ਕਰ ਕੇ ਹੀ ਦਮ ਲਵਾਂਗੇ। ਮੋਦੀ ਹਕੂਮਤ ਵੀ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਸਭ ਫ਼ਸਲਾਂ ਦੇ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਪ੍ਰਵਾਨ ਕਰਨ ਲਈ ਮਜਬੂਰ ਹੋ ਜਾਵੇਗੀ। ਲੜੀਵਾਰ ਧਰਨੇ ਦੀ ਅਗਵਾਈ ਰਾਜਿੰਦਰ ਕੌਰ ਨੇ ਕੀਤੀ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ, ਅਮਰੀਕ ਸਿੰਘ ਜੜਤੌਲੀ, ਮਲਕੀਤ ਸਿੰਘ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੈਂਕੜੇ ਸ਼ਹੀਦੀਆਂ, ਫਟੇ ਸਿਰ, ਟੁੱਟੀਆਂ ਭੱਜੀਆਂ ਲੱਤਾਂ-ਬਾਂਹਾਂ ਦੇ ਬਾਵਜੂਦ ਸ਼ਾਂਤਮਈ ਕਿਸਾਨ ਅੰਦੋਲਨ ਨੂੰ ਦੁਨੀਆ ਭਰ ਵਿਚ ਸਮਰਥਨ ਮਿਲ ਰਿਹਾ ਹੈ।