ਪਸ਼ੂ ਮੇਲੇ ’ਚ ਪਾਲਕਾਂ ਨੇ ਦਿਖਾਈ ਦਿਲਚਸਪੀ
ਇਥੋਂ ਦੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿੱਚ ਅੱਜ ਸ਼ੁਰੂ ਹੋਇਆ ਦੋ ਦਿਨਾ ਪਸ਼ੂ ਪਾਲਣ ਮੇਲਾ ਪਸ਼ੂ ਪਾਲਕਾਂ ਲਈ ਖਿੱਚ ਦਾ ਕੇਂਦਰ ਰਿਹਾ। ਇਸ ਮੇਲੇ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸੱਟ ਨੇ ਕੀਤਾ।...
ਇਥੋਂ ਦੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿੱਚ ਅੱਜ ਸ਼ੁਰੂ ਹੋਇਆ ਦੋ ਦਿਨਾ ਪਸ਼ੂ ਪਾਲਣ ਮੇਲਾ ਪਸ਼ੂ ਪਾਲਕਾਂ ਲਈ ਖਿੱਚ ਦਾ ਕੇਂਦਰ ਰਿਹਾ। ਇਸ ਮੇਲੇ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸੱਟ ਨੇ ਕੀਤਾ। ਉਹ ਮੇਲੇ ਦੇ ਵੱਖ ਵੱਖ ਸਟਾਲਾਂ ’ਤੇ ਗਏ ਅਤੇ ਉਨਾਂ ਪਸ਼ੂਧਨ ਕਿੱਤਿਆਂ ਅਤੇ ਬਿਹਤਰ ਨਸਲਾਂ ਬਾਰੇ ਜਾਨਣ ਲਈ ਵਿਸ਼ੇਸ਼ ਰੁਚੀ ਵਿਖਾਈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਮੰਡੀ ਬੋਰਡ ਨੁਕਸਾਨੀਆਂ ਗਈਆਂ ਸੜਕਾਂ ਦੇ ਨਿਰਮਾਣ ਅਤੇ ਹੋਰ ਕਿਸੇ ਵੀ ਜ਼ਰੂਰਤ ਲਈ ਵੈਟਰਨਰੀ ਯੂਨੀਵਰਸਿਟੀ ਨੂੰ ਲੋੜੀਂਦੇ ਫੰਡ ਪ੍ਰਦਾਨ ਕਰੇਗਾ। ਮੇਲੇ ਦੇ ਉਦਘਾਟਨੀ ਸਮਾਗਮ ਵਿੱਚ ਪੰਜਾਬ ਰਾਜ ਕਿਸਾਨ ਅਤੇ ਖੇਤ ਕਿਰਤੀ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਅਤੇ ਯੂਨੀਵਰਸਿਟੀ ਦੇ ਅਧਿਕਾਰੀ ਅਤੇ ਅਧਿਆਪਕ ਤੇ ਕਰਮਚਾਰੀ ਮੌਜੂਦ ਸਨ।
ਵੈਟਰਨਰੀ ’ਵਰਸਿਟੀ ਦੇ ਉਪ ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਕਿ ਇਸ ਵਾਰ ਦੇ ਮੇਲੇ ਦਾ ਨਾਅਰਾ ‘ਕਟੜੂ-ਵਛੜੂ ਦਾ ਸੁਚੱਜਾ ਪ੍ਰਬੰਧ, ਬਣਾਏ ਡੇਅਰੀ ਕਿੱਤੇ ਨੂੰ ਲਾਹੇਵੰਦ’ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਮੇਲਾ ਮਾਰਚ ਅਤੇ ਸਤੰਬਰ ਦੇ ਮਹੀਨੇ, ਸਾਲ ਵਿੱਚ ਦੋ ਵਾਰ ਲਗਾਇਆ ਜਾਂਦਾ ਇਹ ਮੇਲਾ ਪਸ਼ੂ ਪਾਲਕਾਂ, ਵਿਗਿਆਨੀਆਂ, ਪਸਾਰ ਕਰਮਚਾਰੀਆਂ, ਡੇਅਰੀ ਅਫਸਰਾਂ, ਪਸ਼ੂ ਆਹਾਰ ਮਾਹਿਰਾਂ, ਮੱਛੀ ਪਾਲਣ ਅਧਿਕਾਰੀਆਂ ਅਤੇ ਪਸ਼ੂ ਇਲਾਜ ਅਤੇ ਤਕਨੀਕੀ ਸੰਦਾਂ ਨਾਲ ਜੁੜੀਆਂ ਵੱਖ-ਵੱਖ ਕੰਪਨੀਆਂ ਨੂੰ ਇਕ ਸਾਂਝਾ ਮੰਚ ਮੁਹੱਈਆ ਕਰਦਾ ਹੈ। ਇਸ ਮੰਚ ’ਤੇ ਜਿੱਥੇ ਨਵੀਆਂ ਸੂਚਨਾਵਾਂ, ਤਕਨੀਕਾਂ ਅਤੇ ਸਕੀਮਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ, ਉਥੇ ਕਈ ਤਰ੍ਹਾਂ ਦੇ ਤਜਰਬੇ ਵੀ ਵਿਚਾਰੇ ਜਾਂਦੇ ਹਨ।
ਨਿਰਦੇਸ਼ਕ ਪਸਾਰ ਸਿੱਖਿਆ ਡਾ. ਰਵਿੰਦਰ ਸਿੰਘ ਗਰੇਵਾਲ ਨੇ ਜਾਣਕਾਰੀ ਦਿੱਤੀ ਕਿ ਮੇੇਲੇ ਦੌਰਾਨ ਕਾਫੀ ਵੱਡੀ ਗਿਣਤੀ ਵਿੱਚ ਲੋਕ ਬੱਕਰੀ, ਸੂਰ ਤੇ ਮੱਛੀਆਂ ਪਾਲਣ ਦੇ ਧੰਦੇ ਅਪਨਾਉਣ ਸੰਬੰਧੀ ਗਿਆਨ ਲੈ ਰਹੇ ਸਨ। ਉਹ ਯੂਨੀਵਰਸਿਟੀ ਵੱਲੋਂ ਭਵਿੱਖ ਵਿੱਚ ਕਰਵਾਏ ਜਾ ਰਹੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਲੈਣ ਲਈ ਵੀ ਜਗਿਆਸੂ ਸਨ। ਯੂਨੀਵਰਸਿਟੀ ਦੇ ਵੈਟਰਨਰੀ ਕਾਲਜ ਦੇ ਵਿਭਿੰਨ ਵਿਭਾਗਾਂ ਨੇ ਦੁੱਧ ਦੀ ਜਾਂਚ ਕਿੱਟ, ਲੇਵੇ ਦੀ ਸੋਜ ਤੋਂ ਬਚਾਉ ਕਿੱਟ, ਥਣਾਂ ਦੀ ਸੰਭਾਲ ਦੀ ਜਾਣਕਾਰੀ ਅਤੇ ਚਿੱਚੜਾਂ, ਮਲੱਪਾਂ ਤੋਂ ਬਚਾਅ ਵਾਸਤੇ ਵੀ ਪ੍ਰਦਰਸ਼ਨੀ ਲਾਈ ਗਈ ਸੀ। ਯੂਨੀਵਰਸਿਟੀ ਦੇ ਫਿਸ਼ਰੀਜ ਕਾਲਜ ਨੇ ਜਿੱਥੇ ਕਾਰਪ ਮੱਛੀਆਂ ਅਤੇ ਸਜਾਵਟੀ ਮੱਛੀਆਂ ਦਾ ਪ੍ਰਦਰਸ਼ਨ ਕੀਤਾ, ਉਥੇ ਉਨ੍ਹਾਂ ਨੇ ਖਾਰੇ ਪਾਣੀ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਸਬੰਧੀ ਵੀ ਜਾਣਕਾਰੀ ਪ੍ਰਦਾਨ ਕੀਤੀ। ਕਾਲਜ ਆਫ ਡੇਅਰੀ ਅਤੇ ਫ਼ੂਡ ਸਾਇੰਸ ਤਕਨਾਲੋਜੀ ਦੇ ਡੇਅਰੀ ਪਲਾਂਟ ਵਿੱਚ ਤਿਆਰ ਕੀਤੀ ਮਿੱਠੀ ਅਤੇ ਨਮਕੀਨ ਲੱਸੀ, ਦੁੱਧ, ਪਨੀਰ, ਢੋਡਾ ਬਰਫੀ ਅਤੇ ਹੋਰ ਕਈ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਮੇੇਲੇ ਵਿੱਚ ਆਏ ਲੋਕਾਂ ਨੇ ਇਸ ਦਾ ਭਰਪੂਰ ਆਨੰਦ ਮਾਣਿਆ। ਪਸ਼ੂਧਨ ਉਤਪਾਦ ਵਿਭਾਗ ਵੱਲੋਂ ਤਿਆਰ ਕੀਤੇ ਗਏ ਉਤਪਾਦ - ਮੀਟ ਦੀਆਂ ਪੈਟੀਆਂ, ਮੀਟ ਤੇ ਆਂਡਿਆਂ ਦਾ ਆਚਾਰ ਖਰੀਦਣ ਅਤੇ ਉਨਾਂ ਨੂੰ ਬਨਾਉੇਣ ਦੀਆਂ ਵਿਧੀਆਂ ਜਾਨਣ ਲਈ ਵੀ ਜਗਿਆਸਾ ਜ਼ਾਹਰ ਕੀਤੀ ਗਈ। ਪਸ਼ੂ ਪਾਲਕਾਂ ਨੇ ਮੇਲੇ ਵਿੱਚ ਭਰਵੀਂ ਹਾਜ਼ਰੀ ਲਗਵਾਈ। ਇਹ ਮੇਲਾ 27 ਸਤੰਬਰ ਨੂੰ ਵੀ ਜਾਰੀ ਰਹੇਗਾ।

