ਖੇਤਰੀ ਪ੍ਰਤੀਨਿਧ
ਲੁਧਿਆਣਾ, 17 ਅਕਤੂਬਰ
ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਪਰਵਾਸ ਮੈਗਜ਼ੀਨ ਦਾ ਯੂਰਪ ਭਾਗ-2 ਵਿਸ਼ੇਸ਼ ਅੰਕ ਲੋਕ ਅਰਪਣ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕੌਮਾਂਤਰੀ ਪੱਧਰ ਦੇ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਧਰਮ ਸਿੰਘ ਗੋਰਾਇਆ (ਅਮਰੀਕਾ) ਤੇ ਦਲਜਿੰਦਰ ਸਿੰਘ ਰਹਿਲ (ਇਟਲੀ) ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਆਰੰਭ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਅਤੇ ਮੌਜੂਦਾ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਡਾ. ਐੱਸਪੀ ਸਿੰਘ ਨੇ ਸਭ ਨੂੰ ਰਸਮੀ ਤੌਰ ’ਤੇ ਜੀ ਆਇਆਂ ਕਿਹਾ। ਉਨ੍ਹਾਂ ਦੱਸਿਆ ਕਿ ਇਸ ਅੰਕ ਵਿਚ ਬਰਤਾਨੀਆ ਵੱਸਦੇ 100 ਤੋਂ ਵਧੇਰੇ ਪਰਵਾਸੀ ਲੇਖਕਾਂ ਦਾ ਜੀਵਨ ਬਿਓਰਾ ਤੇ ਹੁਣ ਤੱਕ ਉਨ੍ਹਾਂ ਦੀ ਸਾਹਿਤਕ ਦੇਣ ਬਾਰੇ ਵੇਰਵਾ ਹੈ। ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਪਰਵਾਸ ਮੈਗਜ਼ੀਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੈਗਜ਼ੀਨ ਨੇ ਵਿਸ਼ਵ ਭਰ ਵਿਚ ਆਪਣੀ ਅਲੱਗ ਪਛਾਣ ਕਾਇਮ ਕੀਤੀ ਹੈ। ਨਰਪਾਲ ਸਿੰਘ ਸ਼ੇਰਗਿੱਲ ਨੇ ਪਰਵਾਸੀਆਂ ਨੂੰ ਦਰਪੇਸ਼ ਵਿਭਿੰਨ ਚੁਣੌਤੀਆਂ ਬਾਰੇ ਚਰਚਾ ਕੀਤੀ।