ਗੁਰਿੰਦਰ ਸਿੰਘ
ਲੁਧਿਆਣਾ, 18 ਸਤੰਬਰ
ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠਲੀ ਲੋਕ ਇਨਸਾਫ਼ ਪਾਰਟੀ ਮੁੜ ਸਰਗਰਮ ਹੋ ਗਈ ਹੈ। ਸ੍ਰੀ ਬੈਂਸ ਅਤੇ ਉਨ੍ਹਾਂ ਦੇ ਕੁੱਝ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਰਟੀ ਦੀਆਂ ਸਰਗਰਮੀਆਂ ਪੂਰੀ ਤਰ੍ਹਾਂ ਬੰਦ ਹੋ ਗਈਆਂ ਸਨ। ਪਾਰਟੀ ਵਰਕਰ ਵੀ ਚੁੱਪ ਕਰ ਕੇ ਬੈਠ ਗਏ ਸਨ।
ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਅੱਜ ਕੋਟ ਮੰਗਲ ਸਿੰਘ ਵਿੱਚ ਪਾਰਟੀ ਦੇ ਸੀਨੀਅਰ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਹੋਈ। ਇਸ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਨਗਰ ਨਿਗਮ ਚੋਣਾਂ ਸਬੰਧੀ ਹੋਈ ਪਲੇਠੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਬੈਂਸ ਨੇ ਦਾਅਵਾ ਕੀਤਾ ਕਿ ਲੋਕ ਇਨਸਾਫ਼ ਪਾਰਟੀ ਲੁਧਿਆਣਾ ਸਣੇ ਅੰਮ੍ਰਿਤਸਰ, ਜਲੰਧਰ, ਪਟਿਆਲਾ, ਬਠਿੰਡਾ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦਾ ਪਹਿਲਾਂ ਹੀ ਸਫ਼ਾਇਆ ਹੋ ਚੁੱਕਾ ਹੈ ਅਤੇ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਵਿਚ ਹੋਈ ਹਾਰ ਤੋਂ ਬਾਅਦ ਆਪੋ ਵਿੱਚ ਉਲਝ ਕੇ ਰਹਿ ਗਈ ਹੈ ਜਦੋਂਕਿ ਅਕਾਲੀ ਦਲ ਦੀਆਂ ਗ਼ਲਤ ਨੀਤੀਆਂ ਕਾਰਨ ਅਕਾਲੀ ਦਲ ਦਾ ਹਰ ਅਹੁਦੇਦਾਰ ਅਤੇ ਵਰਕਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੰਮ ਨਹੀਂ ਕਰਨਾ ਚਾਹੁੰਦਾ ਅਤੇ ਘਰ ਬੈਠ ਗਿਆ ਹੈ। ਦੂਜੇ ਪਾਸੇ, ‘ਆਪ’ ਸਰਕਾਰ ਆਪਣੇ ਪਹਿਲੇ ਛੇ ਮਹੀਨਿਆਂ ਵਿੱਚ ਹੀ ਪੰਜਾਬੀਆਂ ਦੇ ਮਨਾਂ ਤੋਂ ਉਤਰ ਗਈ ਹੈ। ਭਗਵੰਤ ਮਾਨ ਦਾ ਦਿੱਲੀ ਦੇ ਇਸ਼ਾਰਿਆਂ ’ਤੇ ਕੰਮ ਕਰਨਾ, ਰਾਜ ਸਭਾ ਵਿੱਚ ਆਪਣੇ ਚਹੇਤਿਆਂ ਨੂੰ ਭੇਜਣਾ, ਆਪ ਦੇ ਮੰਤਰੀਆਂ ਦਾ ਰਿਸ਼ਵਤਖੋਰੀ ਵਿੱਚ ਸ਼ਾਮਲ ਹੋਣ ਸਣੇ ਅਜਿਹੇ ਕਈ ਮਾਮਲੇ ਹਨ ਜਿਸ ਨਾਲ ਪੰਜਾਬ ਦੇ ਲੋਕ ਠੱਗਿਆ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਇੱਕ ਹੋਰ ਬਦਲਾਅ ਕਰੇਗੀ ਅਤੇ ਨਗਰ ਨਿਗਮ ਚੋਣਾਂ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਮਕੇ ਨਵਾਂ ਇਤਿਹਾਸ ਸਿਰਜੇਗੀ। ਉਨ੍ਹਾਂ ਮੀਟਿੰਗ ਦੌਰਾਨ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਸੀਨੀਅਰ ਵਰਕਰਾਂ ਨੂੰ ਉਤਸ਼ਾਹਿਤ ਕਰਦੇ ਹੋਏ ਨੌਜਵਾਨਾਂ ਦੀਆਂ ਡਿਊਟੀਆਂ ਵੀ ਲਗਾਈਆਂ।
ਇਸ ਮੌਕੇ ਜਥੇਦਾਰ ਜਸਵਿੰਦਰ ਸਿੰਘ ਖਾਲਸਾ, ਰਣਧੀਰ ਸਿੰਘ ਸੀਵੀਆ, ਅਰਜਨ ਸਿੰਘ ਚੀਮਾ, ਪ੍ਰਧਾਨ ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਖੁਰਾਣਾ, ਸਿਕੰਦਰ ਸਿੰਘ ਪੰਨੂ, ਹਰਪਾਲ ਸਿੰਘ ਕੋਹਲੀ, ਬਲਜੀਤ ਸਿੰਘ ਗਿਆਸਪੁਰਾ, ਰਾਜੇਸ਼ ਖੋਖਰ, ਐਡਵੋਕੇਟ ਗੁਰਜੋਤ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ।