DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Ludhiana medical negligence case ਹਸਪਤਾਲ ’ਚ ਜਣੇਪੇ ਦੌਰਾਨ ਔਰਤ ਦੀ ਮੌਤ

ਪੀਡ਼ਤ ਪਰਿਵਾਰ ਵੱਲੋਂ ਪ੍ਰਾਈਵੇਟ ਹਸਪਤਾਲ ਦੇ ਬਾਹਰ ਧਰਨਾ

  • fb
  • twitter
  • whatsapp
  • whatsapp
featured-img featured-img
ਪ੍ਰਦਰਸ਼ਨ ਕਰਦੇ ਹੋਏ ਮ੍ਰਿਤਕ ਨਾਜ਼ੀਆ (ਇਨਸੈੱਟ) ਦੇ ਪਰਿਵਾਰਕ ਮੈਂਬਰ। -ਫੋੋਟੋ: ਧੀਮਾਨ
Advertisement

ਸ਼ਿਮਲਾਪੁਰੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਜਣੇਪੇ ਦੌਰਾਨ ਇੱਕ ਗਰਭਵਤੀ ਔਰਤ ਦੀ ਮੌਤ ਹੋ ਗਈ। ਔਰਤ ਦੀ ਮੌਤ ਦੀ ਖ਼ਬਰ ਮਿਲਦੇ ਹੀ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਡਾਕਟਰਾਂ ਖ਼ਿਲਾਫ਼ ਇਲਾਜ ਵਿੱਚ ਲਾਪ੍ਰਵਾਹੀ ਦੇ ਗੰਭੀਰ ਦੋਸ਼ ਲਗਾ ਕੇ ਕਾਰਵਾਈ ਦੀ ਮੰਗ ਕੀਤੀ।

ਨਾਜ਼ੀਆ ਪ੍ਰਵੀਨ ਬੱਚੇ ਨੂੰ ਜਨਮ ਦੇਣ ਲਈ ਆਪਣੇ ਪੇਕੇ ਘਰ ਮਾਲੇਰਕੋਟਲਾ ਆਈ ਸੀ। ਇਲਾਜ ਦੌਰਾਨ ਉੱਥੋਂ ਦੇ ਹਸਪਤਾਲ ਪ੍ਰਬੰਧਕਾਂ ਨੇ ਉਸ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਭੇਜ ਦਿੱਤਾ, ਜਿੱਥੇ ਜਣੇਪਾ ਕਾਰਵਾਈ ਦੌਰਾਨ ਉਸਦੀ ਹਾਲਤ ਵਿਗੜ ਗਈ ਅਤੇ ਇਲਾਜ ਦੌਰਾਨ ਵਰਤੀ ਗਈ ਕਥਿਤ ਅਣਗਹਿਲੀ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਨਾਜ਼ੀਆ ਪ੍ਰਵੀਨ ਦੇ ਸਹੁਰਾ ਡਾ. ਮਿੱਠੂ ਮੁਹੰਮਦ ਵਾਸੀ ਮਹਿਲ ਕਲਾਂ (ਬਰਨਾਲ਼ਾ) ਨੇ ਦੋਸ਼ ਲਗਾਇਆ ਹੈ ਕਿ ਡਾਕਟਰਾਂ ਨੇ ਮਰੀਜ਼ ਦੀ ਹਾਲਤ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਔਰਤ ਨੂੰ ਸਮੇਂ ਸਿਰ, ਸਹੀ ਇਲਾਜ ਮਿਲਦਾ ਜਾਂ ਸਹੀ ਜਾਣਕਾਰੀ ਦਿੱਤੀ ਜਾਂਦੀ ਤਾਂ ਉਸਦੀ ਜਾਨ ਬਚਾਈ ਜਾ ਸਕਦੀ ਸੀ। ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਦੁਖੀ ਹੈ ਅਤੇ ਡਾਕਟਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਿਹਾ ਹੈ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਹਸਪਤਾਲ ਦੇ ਮੁੱਖ ਗੇਟ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਨਾਲ ਆਵਾਜਾਈ ਅਤੇ ਹਸਪਤਾਲ ਦੇ ਕੰਮਕਾਜ ਵਿੱਚ ਵੀ ਵਿਘਨ ਪਿਆ। ਇਸ ਮੌਕੇ ਸ਼ਿਮਲਾਪੁਰੀ ਪੁਲੀਸ ਥਾਣੇ ਦੀ ਪੁਲੀਸ ਨੇ ਭਾਰੀ ਫੋਰਸ ਨਾਲ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਆਗੂ ਮੁਹੰਮਦ ਮੁਸਤਕੀਮ ਦੀ ਅਗਵਾਈ ਹੇਠ ਪਰਿਵਾਰਕ ਮੈਂਬਰਾਂ ਨੇ ਪੁਲੀਸ ਅਧਿਕਾਰੀਆਂ ਨੂੰ ਮਿਲ ਕੇ ਜ਼ਿੰਮੇਵਾਰ ਹਸਪਤਾਲ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ।

Advertisement

ਬਾਅਦ ਦੁਪਹਿਰ ਏ ਸੀ ਪੀ ਸਤਵਿੰਦਰ ਸਿੰਘ ਵਿਰਕ ਦੀ ਨਿਗਰਾਨੀ ਹੇਠ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੇ ਇੱਕ ਬੋਰਡ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕੀਤਾ ਗਿਆ ਅਤੇ ਲਾਸ਼ ਅੰਤਿਮ ਰਸਮਾਂ ਲਈ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਏ ਸੀ ਪੀ ਵਿਰਕ ਨੇ ਦੱਸਿਆ ਹੈ ਕਿ ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ ਜਿਸ ਬਾਰੇ ਪਰਿਵਾਰ ਨੇ ਸਹਿਮਤੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਹਸਪਤਾਲ ਪ੍ਰਬੰਧਕਾਂ ਅਤੇ ਡਾਕਟਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ ਅਤੇ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ। ਉਨ੍ਹਾਂ ਪੀੜਤ ਪਰਿਵਾਰ ਨੂੰ ਸ਼ਾਂਤ ਕਰਦਿਆਂ ਅਤੇ ਇਨਸਾਫ਼ ਦਾ ਭਰੋਸਾ ਦਿੱਤਾ। ਇਲਾਕੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਹਸਪਤਾਲ ਦੇ ਆਲੇ ਦੁਆਲੇ ਪੁਲੀਸ ਬਲ ਤਾਇਨਾਤ ਕਰ ਦਿੱਤੇ ਗਏ ਹਨ।

Advertisement

Advertisement
×