ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਸਤੰਬਰ
ਜ਼ਿਲ੍ਹਾ ਪ੍ਰਸ਼ਾਸਨ ਨੂੰ 70 ਹਜ਼ਾਰ ਕਰੋਨਾ ਵੈਕਸੀਨ ਦੀਆਂ ਖੁਰਾਕਾਂ ਦਾ ਨਵਾਂ ਸਟਾਕ ਪ੍ਰਾਪਤ ਹੋਇਆ ਹੈ ਅਤੇ ਸਾਰੀਆਂ ਖੁਰਾਕਾਂ ਦੀ ਵਰਤੋਂ 24 ਘੰਟਿਆਂ ਦੇ ਅੰਦਰ ਕੀਤੀ ਜਾਵੇਗੀ ਤਾਂ ਜੋ ਜ਼ਿਲ੍ਹੇ ਦੀ ਬਾਕੀ ਆਬਾਦੀ ਨੂੰ ਤੇਜ਼ੀ ਨਾਲ ਕਵਰ ਕੀਤਾ ਜਾ ਸਕੇ। ਫੇਸਬੁੱਕ ਲਾਈਵ ਸੈਸ਼ਨ ਦੌਰਾਨ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਤਕਰੀਬਨ 22.60 ਲੱਖ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਇਹ ਡਾਕਟਰਾਂ, ਪੈਰਾ ਮੈਡੀਕਲ ਸਟਾਫ ਅਤੇ ਹੋਰ ਸਾਰਿਆਂ ਦੀ ਵਚਨਬੱਧਤਾ ਕਾਰਨ ਸੰਭਵ ਹੋ ਸਕਿਆ ਹੈ, ਜਿਹੜੇ ਕਿ 16 ਜਨਵਰੀ 2021 ਤੋਂ ਆਪਣਾ ਮੋਹਰੀ ਰੋਲ ਅਦਾ ਕਰ ਰਹੇ ਹਨ। ਉਨ੍ਹਾਂ ਇਸ ਟੀਕਾਕਰਨ ਮੁਹਿੰਮ ਵਿੱਚ ਉਨ੍ਹਾਂ ਦੀ ਅਟੱਲ ਭਾਵਨਾ ਦੀ ਸ਼ਲਾਘਾ ਕੀਤੀ ਅਤੇ ਪਿਛਲੇ 100 ਸਾਲਾਂ ਵਿੱਚ ਸਭ ਤੋਂ ਵੱਡੀ ਮਹਾਮਾਰੀ ਵਿਰੁੱਧ ਲੜਾਈ ਵਿੱਚ ਲੁਧਿਆਣਾ ਨੂੰ ਚੈਂਪੀਅਨ ਬਣਾਇਆ। ਉਨ੍ਹਾਂ ਕਿਹਾ ਕਿ ਵੈਕਸੀਨ ਵਾਇਰਸ ਨਾਲ ਲੜਨ ਦਾ ਇੱਕੋ ਇਕ ਰਸਤਾ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਅਪੀਲ ਕੀਤੀ।