ਮਾਛੀਵਾੜਾ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ ਮਿਲੇਗਾ
ਕੇਂਦਰ ਸਰਕਾਰ ਦੇ ਸਹਿਯੋਗ ਨਾਲ 29 ਕਰੋੜ ਰੁਪਏ ਦੀ ਲਾਗਤ ਵਾਲਾ ਟ੍ਰੀਟਮੈਂਟ ਪਲਾਂਟ ਲੱਗੇਗਾ
ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਮਾਛੀਵਾੜਾ ਸ਼ਹਿਰ ਦੇ ਵਾਸੀਆਂ ਨੂੰ ਨਹਿਰੀ ਪਾਣੀ ਸ਼ੁੱਧ ਕਰ ਕੇ ਸਪਲਾਈ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਨਗਰ ਕੌਂਸਲ ਮਾਛੀਵਾੜਾ ਵਲੋਂ ਸਾਢੇ 6 ਏਕੜ ਜ਼ਮੀਨ ਬਲੀਬੇਗ ਬਸਤੀ ਵਿੱਚ ਇਸ ਪ੍ਰਾਜੈਕਟ ਲਈ ਦੇ ਦਿੱਤੀ ਗਈ ਹੈ। ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ 29 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਬਲੀਬੇਗ ਬਸਤੀ ਵਿੱਚ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਾਛੀਵਾੜਾ ਨੇੜੇ ਵਗਦੀ ਸਰਹਿੰਦ ਨਹਿਰ ’ਚੋਂ ਪਾਈਪਾਂ ਰਾਹੀਂ ਪਾਣੀ ਦੀ ਸਪਲਾਈ ਬਲੀਬੇਗ ਬਸਤੀ ਵਿੱਚ ਬਣ ਰਹੇ ਟ੍ਰੀਟਮੈਂਟ ਪਲਾਂਟ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟ੍ਰੀਟਮੈਂਟ ਪਲਾਂਟ ਵਿੱਚ ਪਾਣੀ ਨੂੰ ਸ਼ੁੱਧ ਕਰਕੇ ਸਾਰੇ ਮਾਛੀਵਾੜਾ ਸ਼ਹਿਰ ਨੂੰ ਸਪਲਾਈ ਕੀਤਾ ਜਾਵੇਗਾ ਜਿਸ ਲਈ ਅਲੱਗ ਤੋਂ 2 ਕਰੋੜ ਰੁਪਏ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਜਿਸ ਤਹਿਤ ਸ਼ਹਿਰ ਵਿਚ ਪਾਈਪਾਂ ਵਿਛਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 18 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਹਿਮਾਲਿਆ ਦੇ ਪਹਾੜਾਂ ਤੋਂ ਬਰਫ਼ ਵਾਲਾ ਸ਼ੁੱਧ ਪਾਣੀ ਜੋ ਕਿ ਭਾਖੜਾ ਡੈਮ ਵਿਚ ਇਕੱਠਾ ਹੁੰਦਾ ਹੈ ਜੋ ਸਰਹਿੰਦ ਨਹਿਰ ਵਿਚ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪਾਣੀ ਵਿੱਚ ਟੀ ਡੀ ਐੱਸ ਦੀ ਮਾਤਰਾ ਬਹੁਤ ਘੱਟ ਹੈ ਜੋ ਤੱਤਾਂ ਨਾਲ ਭਰਪੂਰ ਹੈ ਜਿਸ ਨੂੰ ਸ਼ੁੱਧ ਕਰਨ ਤੋਂ ਬਾਅਦ ਸ਼ਹਿਰ ਵਿਚ ਸਪਲਾਈ ਕੀਤਾ ਜਾਵੇਗਾ ਅਤੇ ਲੋਕਾਂ ਦੀ ਸਿਹਤ ਲਈ ਲਾਹੇਵੰਦ ਸਾਬਿਤ ਹੋਵੇਗਾ।

