ਖੰਨਾ: ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ’ਚ ਭਾਜਪਾ ਉਮੀਦਵਾਰ ਗੁਰਪ੍ਰੀਤ ਸਿੰਘ ਭੱਟੀ ਦਾ ਸਵਾਗਤ ਕੀਤਾ ਗਿਆ। ਇਥੇ ਭੱਟੀ ਨੂੰ ਲੱਡੂਆਂ ਨਾਲ ਤੋਲਿਆ ਗਿਆ। ਇਸ ਮੌਕੇ ਪੰਜਾਬ ਲੋਕ ਕਾਂਗਰਸ ਦੇ ਆਗੂ ਅਮਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਆੜ੍ਹਤੀਆਂ ਤੇ ਮਜ਼ਦੂਰਾਂ ਦੀ ਫ਼ਸਲ ਦੀ ਚੁਕਾਈ ਦੇ ਨਾਂ ’ਤੇ ਸ਼ਰ੍ਹੇਆਮ ਲੁੱਟ ਕੀਤੀ ਗਈ। ਭੱਟੀ ਨੇ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ, ਮਾਫ਼ੀਆ ਰਾਜ ਤੇ ਨਾਜਾਇਜ਼ ਸ਼ਰਾਬ ਫੈਕਟਰੀ ਆਦਿ ਅਜਿਹੇ ਮੁੱਦੇ ਹਨ ਜੋ ਕਾਂਗਰਸ ਦੇ ਪਤਨ ’ਚ ਆਖ਼ਰੀ ਕਿੱਲ ਸਾਬਤ ਹੋਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬੇ ’ਚ ਭਾਜਪਾ ਗਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਖੰਨਾ ਦੇ ਵਿਧਾਇਕ ਵੱਲੋਂ ਆੜ੍ਹਤੀਆਂ ਤੇ ਸ਼ੈਲਰ ਸੰਚਾਲਕਾਂ ਦੀ ਕੀਤੀ ਗਈ ਲੁੱਟ ਦੀ ਜਾਂਚ ਕਰਵਾਈ ਜਾਵੇਗੀ। -ਨਿੱਜੀ ਪੱਤਰ ਪ੍ਰੇਰਕ