ਦੇਵਿੰਦਰ ਸਿੰਘ ਜੱਗੀ
ਪਾਇਲ, 29 ਅਗਸਤ
ਇਥੇ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿੱਚ ਜਥੇਦਾਰ ਸੰਤ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ ਰੇਖ ਹੇਠ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਚੜ੍ਹਦੀ ਕਲਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਨੂੰ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ। ਇਸ ਤੋਂ ਬਾਅਦ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਮਹੱਲਾ ਕੱਢਿਆ ਗਿਆ, ਜਿੱਥੇ ਹਾਥੀ ਉੱਤੇ ਸ਼ੁੰਦਰ ਪਾਲਕੀ ’ਚ ਗੁਰੂ ਗ੍ਰੰਥ ਸਾਹਿਬ ਬਿਰਾਜਮਾਨ ਕੀਤੇ ਗਏ ਅਤੇ ਸੰਤ ਦਰਸ਼ਨ ਸਿੰਘ ਖਾਲਸਾ ਗੁਰੂ ਮਹਾਰਾਜ ਨੂੰ ਚੌਰ ਝੁਲਾਉਣ ਦੀ ਸੇਵਾ ਕਰ ਰਹੇ ਸਨ। ਇਸ ਮਹੱਲੇ ਦੀ ਸ਼ਾਨ ਵਧਾਉਣ ਲਈ ਬਹੁਮੁੱਲੇ ਦੁਸ਼ਾਲਿਆਂ ਨਾਲ ਸ਼ਿੰਗਾਰੇ ਹਾਥੀ ਘੋੜੇ , ਘੋੜੀਆਂ, ਊਠ, ਪੁਰਾਤਨ ਰੱਥ, ਗੱਡੇ, ਗੱਡੀਆਂ, ਟਾਂਗੇ ਅਤੇ ਸੁੰਦਰ ਦੁਮਾਲੇ ਸਜਾ ਕੇ ਸਿੰਘ , ਸਿੰਘਣੀਆਂ ਸ਼ਾਮਲ ਹੋਈਆਂ। ਇਸ ਮੌਕੇ ਇਕੱਤਰ ਹੋਈਆਂ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਉੱਤੇ ਫ਼ੁੱਲਾਂ ਦੀ ਵਰਖਾ ਕੀਤੀ ਗਈ। ਇਸ ਸ਼ੁਭ ਦਿਹਾੜੇ ਦੀ ਸੰਤ ਦਰਸ਼ਨ ਸਿੰਘ ਖ਼ਾਲਸਾ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਕੁਰੀਤੀਆਂ ਤੋਂ ਵਰਜਦੀ ਹੈ ਅਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੰਦੀ ਹੈ। ਸੰਤ ਖਾਲਸਾ ਨੇ ਗੁਰੂ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ। ਇਹ ਮਹੱਲਾ ਤਪੋਬਣ ਢੱਕੀ ਸਾਹਿਬ ਦੀ ਪ੍ਰੀਕਰਮਾ ਕਰਦਾ ਹੋਇਆ ਨਗਰ ਸ਼ਾਹਪੁਰ ਪੁੱਜਾ, ਜਿੱਥੇ ਪਿੰਡ ਦੀਆਂ ਵੱਡੀ ਗਿਣਤੀ ’ਚ ਇਕੱਤਰ ਹੋਈਆਂ ਸੰਗਤਾਂ ਵੱਲੋਂ ਗੁਰੂ ਸਾਹਿਬ ਉੱਤੇ ਫੁੱਲਾਂ ਦੀ ਵਰਖਾ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ। ਗੁਰੂ ਸਾਹਿਬ ਨੂੰ ਸੁੁੰਦਰ ਰੁਮਾਲੇ ਭੇਟ ਕੀਤੇ, ਸੰਗਤ ਵੱਲੋਂ ਵੱਖ-ਵੱਖ ਪੜਾਵਾਂ ’ਤੇ ਪੰਜ ਪਿਆਰਿਆਂ ਤੋਂ ਇਲਾਵਾ ਸੰਤ ਦਰਸ਼ਨ ਸਿੰਘ ਖ਼ਾਲਸਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।