ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 20 ਮਾਰਚ
ਜ਼ਿਲ੍ਹਾ ਯੋਜਨਾ ਬੋਰਡ ਲੁਧਿਆਣਾ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਜੰਤਰ ਮੰਤਰ ਨਵੀਂ ਦਿੱਲੀ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ’ਚ ਕਿਸਾਨੀ ਮੰਗਾਂ ਦੇ ਹੱਕ ’ਚ 104 ਦਿਨ ਤੋਂ ਦਿੱਤੇ ਜਾ ਰਹੇ ਧਰਨੇ ’ਚ ਹਾਜ਼ਰੀ ਲਗਵਾਈ। ਸੰਸਦ ਮੈਂਬਰ ਬਿੱਟੂ ਅਤੇ ਚੇਅਰਮੈਨ ਦਾਖਾ ਨੇ ਕਿਹਾ ਕਿ ਕਿਸਾਨ ਮਸਲਿਆਂ ਦੇ ਹੱਲ ਲਈ ਮੋਦੀ ਸਰਕਾਰ ਨੂੰ ਫੌਰੀ ਕਿਸਾਨ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਇਹ ਕਿਸਾਨ ਘੋਲ ਜਿੰਨਾ ਲੰਮਾ ਚੱਲੇਗਾ ਉਸ ਦਾ ਨੁਕਸਾਨ ਇਕੱਲੇ ਦੇਸ਼ ਨੂੰ ਨਹੀਂ ਸਗੋਂ ਭਾਜਪਾ ਤੇ ਮੋਦੀ ਸਰਕਾਰ ਨੂੰ ਉਸ ਤੋਂ ਵਧੇਰੇ ਹੋਵੇਗਾ। ਉਨ੍ਹਾਂ ਕਿਹਾ ਕਿ ਮੇਘਾਲਿਆ ਦੇ ਰਾਜਪਾਲ ਸਤਿਆਪਾਲ ਮਲਿਕ ਕਿਸਾਨ ਸੰਘਰਸ਼ ਦੇ ਹੱਕ ’ਚ ਬਿਆਨ ਦੇ ਕੇ ਵਿਚੋਲਗੀ ਦੀ ਪੇਸ਼ਕਸ਼ ਵੀ ਕਰ ਚੁੱਕੇ ਹਨ। ਚੇਅਰਮੈਨ ਦਾਖਾ ਨੇ ਐੱਫਸੀਆਈ ਵਲੋਂ ਜ਼ਮੀਨਾਂ ਦੇ ਵੇਰਵੇ ਮੰਗਣ ਦੀ ਵੀ ਨਿਖੇਧੀ ਕੀਤੀ ਹੈ।