ਪੱਤਰ ਪ੍ਰੇਰਕ
ਮਾਛੀਵਾੜਾ, 3 ਅਪਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦਾ ਨਵਾਂ ਮੈਨੇਜਰ ਮਲਕੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਅੱਜ ਗੁਰੂ ਘਰ ਵਿਖੇ ਨਤਮਸਤਕ ਹੋ ਆਪਣਾ ਅਹੁਦਾ ਸੰਭਾਲ ਲਿਆ ਹੈ। ਮੈਨੇਜਰ ਮਲਕੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ ਜਦਕਿ ਮਾਛੀਵਾੜਾ ਗੁਰੂ ਘਰ ਵਿਖੇ ਤਾਇਨਾਤ ਰਹੇ ਮੈਨੇਜਰ ਗੁਰਦੀਪ ਸਿੰਘ ਕੰਗ ਦਾ ਤਬਾਦਲਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰ ਦਿੱਤਾ ਗਿਆ ਹੈ। ਆਪਣਾ ਅਹੁਦਾ ਸੰਭਾਲਣ ਉਪਰੰਤ ਮੈਨੇਜਰ ਮਲਕੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਛੀਵਾੜਾ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦਾ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣਾ ਅਤੇ ਗੁਰੂ ਮਰਿਯਾਦਾ ਦਾ ਖਿਆਲ ਰੱਖਣਾ ਮੁੱਖ ਉਦੇਸ਼ ਹੋਵੇਗਾ।