ਸੰਤੋਖ ਗਿੱਲ
ਗੁਰੂਸਰ ਸੁਧਾਰ, 6 ਨਵੰਬਰ
ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਜਗਤਾਰ ਸਿੰਘ ਚਕੋਹੀ ਅਤੇ ਮਲਕੀਤ ਸਿੰਘ ਨੇ ਪੰਜਾਬ ਮੰਡੀ ਬੋਰਡ ਵੱਲੋਂ 5 ਦਿਨਾਂ ਵਿਚ 296 ਮੰਡੀਆਂ ਬੰਦ ਕਰਨ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਕਿਸਾਨਾਂ ਦੇ ਸਬਰ ਦਾ ਹੋਰ ਇਮਤਿਹਾਨ ਨਾ ਲਵੇ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰੀ ਮੀਹਾਂ ਕਾਰਨ ਝੋਨੇ ਦੀ ਫ਼ਸਲ ਪਛੜ ਗਈ ਹੈ, ਸਰਕਾਰ ਨੇ ਕਿਸਾਨਾਂ ਨੂੰ ਕੋਈ ਰਾਹਤ ਦੇਣ ਦੀ ਥਾਂ ਮੰਡੀਆਂ ਨੂੰ ਸਮੇਂ ਤੋਂ ਪਹਿਲਾਂ ਬੰਦ ਕਰਨ ਦਾ ਕਿਸਾਨ ਵਿਰੋਧੀ ਫ਼ੈਸਲਾ ਲਿਆ ਹੈ। ਇਸ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਹੋਰ ਖੱਜਲ-ਖ਼ੁਆਰ ਹੋਣਾ ਪਵੇਗਾ। ਕਿਸਾਨ ਆਗੂਆਂ ਨੇ ਮੰਡੀਆਂ ਨੂੰ ਬੰਦ ਕਰਨ ਦੀ ਥਾਂ ਫ਼ਸਲ ਜਲਦੀ ਖ਼ਰੀਦਣ ਦਾ ਪ੍ਰਬੰਧ ਕਰੇ। ਲੜੀਵਾਰ ਧਰਨੇ ਦੀ ਪ੍ਰਧਾਨਗੀ ਜਰਨੈਲ ਕੌਰ ਨੇ ਕੀਤੀ।
ਜਨਵਾਦੀ ਇਸਤਰੀ ਸਭਾ ਦੀ ਆਗੂ ਰਜਿੰਦਰ ਕੌਰ, ਸੁਖਵਿੰਦਰ ਕੌਰ, ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਸੀਲੋਂ, ਅਮਰੀਕ ਸਿੰਘ ਜੜਤੌਲੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਹਰਨੇਕ ਸਿੰਘ ਗੁੱਜਰਵਾਲ, ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਅੰਦੋਲਨਕਾਰੀਆਂ ਨੂੰ ਸੰਬੋਧਨ ਕੀਤਾ। ਪੱਕੇ ਮੋਰਚੇ ਉੱਪਰ ਲੋਕ ਕਵੀ ਸੰਤ ਰਾਮ ਉਦਾਸੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਯਾਦ ਕੀਤਾ ਅਤੇ ਸ਼ਰਧਾਂਜਲੀ ਭੇਟ ਕੀਤੀ ਗਈ।
ਹਰਿਆਣਾ ਸਰਕਾਰ ’ਤੇ ਕਿਸਾਨ ਅੰਦੋਲਨ ਖ਼ਿਲਾਫ਼ ਸਾਜ਼ਿਸਾਂ ਰਚਣ ਦਾ ਦੋਸ਼
ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਇਨਕਲਾਬੀ ਲੋਕ ਕਵੀ ਸੰਤ ਰਾਮ ਉਦਾਸੀ ਦੀ 35ਵੀਂ ਬਰਸੀ ’ਤੇ ਇੱਥੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੰਮੀਆਂ ਦੇ ਵਿਹੜੇ ’ਚ ਸੂਰਜਾਂ ਦੇ ਮਘਣ ਤੇ ਹਨ੍ਹੇਰਿਆਂ ਖ਼ਿਲਾਫ਼ ਚਾਨਣ ਦਾ ਹੋਕਾ ਦੇਣ ਵਾਲਾ ਸੰਤ ਰਾਮ ਉਦਾਸੀ ਅਸਲ ਮਾਅਨਿਆਂ ’ਚ ਦੱਬੇ ਕੁਚਲਿਆਂ, ਕਿਰਤੀ ਕਾਮਿਆਂ ਦਾ ਕਵੀ ਤੇ ਗੀਤਕਾਰ ਸੀ। ਗਾਇਕ ਲਖਵੀਰ ਸਿੰਘ ਸਿੱਧੂ ਤੇ ਕਰਤਾਰ ਸਿੰਘ ਵੀਰਾਨ ਨੇ ਉਦਾਸੀ ਦੇ ਹੀ ਗੀਤ ਗਾ ਕੇ ਸ਼ਰਧਾਂਜਲੀ ਭੇਟ ਕੀਤੀ। ਸੁਖਮਿੰਦਰ ਰਾਮਪੁਰੀ ਦੇ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਕਿਸਾਨ ਆਗੂ ਜਗਨ ਨਾਥ ਸੰਘਰਾਓ ਦੀ ਪ੍ਰਧਾਨਗੀ ਹੇਠ ਚੱਲੇ ਧਰਨੇ ’ਚ ਤਰਸੇਮ ਸਿੰਘ ਬੱਸੂਵਾਲ, ਦਰਸ਼ਨ ਸਿੰਘ ਗਾਲਬਿ, ਧਰਮ ਸਿੰਘ ਸੂਜਾਪੁਰ ਨੇ ਸਿੰਘੂ ਹੱਦ ’ਤੇ ਕਿਸਾਨ ਅੰਦੋਲਨਕਾਰੀਆਂ ਦੇ ਤੰਬੂਆਂ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਅੱਗ ਲਗਾਉਣ ਦੀ ਘਟਨਾ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਹਰਿਆਣਾ ਹਕੂਮਤ ਦੀ ਇਸ ਸਾਜਿਸ਼ ਨਾਲ ਕਿਸਾਨ ਅੰਦੋਲਨ ਨੂੰ ਲੀਹੋਂ ਨਹੀਂ ਲਾਹਿਆ ਜਾ ਸਕਦਾ। ਲੋਕ ਆਗੂ ਕੰਵਲਜੀਤ ਖੰਨਾ ਨੇ ਕਿਹਾ ਕਿ ਪੰਜਾਬ ਦੇ ਸਿਨੇਮਾਘਰਾਂ ’ਚ ਕਿਸਾਨ ਵਿਰੋਧੀ ਬਾਲੀਵੁੱਡ ਐਕਟਰ ਅਕਸ਼ੇ ਕੁਮਾਰ ਦੀ ਨਵੀਂ ਫਿਲਮ ਨਹੀਂ ਚੱਲਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਅੱਜ ਇਹ ਫ਼ਿਲਮ ਚੱਲਣ ਤੋਂ ਨਾ ਰੋਕੀ ਤਾਂ ਭਲਕੇ ਲਾਲ ਪੈਲੇਸ ਸਿਨੇਮਾ ਦਾ ਘਿਰਾਓ ਕੀਤਾ ਜਾਵੇਗਾ। ਇਸ ਸਮੇਂ ਮਾਸਟਰ ਹਰਬੰਸ ਲਾਲ, ਸੁਖਦੇਵ ਸਿੰਘ ਗਾਲਬਿ ਨੇ ਵੀ ਵਿਚਾਰ ਸਾਂਝੇ ਕੀਤੇ। ਇਸੇ ਤਰ੍ਹਾਂ ਕੌਮੀ ਸ਼ਾਹਰਾਹ ’ਤੇ ਸਥਿਤ ਚੌਕੀਮਾਨ ਟੌਲ ’ਤੇ ਵੀ ਕਿਸਾਨਾਂ ਦਾ ਧਰਨਾ ਜਾਰੀ ਰਿਹਾ ਜਿਸ ’ਚ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ, ਕਾਮਾਗਾਟਾਮਾਰੂ ਯਾਦਗਾਰੀ ਕਮੇਟੀ, ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ’ਚ ਇਲਾਕੇ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਜਸਦੇਵ ਸਿੰਘ ਲਲਤੋਂ, ਮਾ. ਆਤਮਾ ਸਿੰਘ ਬੋਪਾਰਾਏ, ਸਤਨਾਮ ਸਿੰਘ ਮੋਰਕਰੀਮਾ, ਅਵਤਾਰ ਸਿੰਘ ਰਸੂਲਪੁਰ, ਜਥੇਦਾਰ ਰਣਜੀਤ ਸਿੰਘ ਗੁੜੇ ਨੇ ਸੰਬੋਧਨ ਕੀਤਾ।