ਪੱਤਰ ਪ੍ਰੇਰਕ
ਸਮਰਾਲਾ, 9 ਅਗਸਤ
ਅਨਾਜ ਮੰਡੀ ਮਜ਼ਦੂਰ ਐਸੋਸੀਏਸ਼ਨ ਸਮਰਾਲਾ ਦੀ ਇੱਕ ਮੀਟਿੰਗ ਐੋਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਅਨਾਜ ਮੰਡੀ ਦੇ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕਰਨ ਲਈ ਅਨਾਜ ਮੰਡੀ ਮਜ਼ਦੂਰ ਯੂਨੀਅਨ ਪੰਜਾਬ ਦੇ ਚੇਅਰਮੈਨ ਦਰਸ਼ਨ ਬਾਬੂ ਖੰਨਾ, ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ, ਮੀਤ ਪ੍ਰਧਾਨ ਗੁਰਦਿਆਲ ਸਿੰਘ ਰਾਏਕੋਟ, ਕਪੂਰ ਸਿੰਘ ਅੰਮ੍ਰਿਤਸਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਆਗੂਆਂ ਨੇ ਮੰਡੀਆਂ ਦੇ ਮਜ਼ਦੂਰਾਂ ਦੀਆਂ ਮੰਗਾਂ ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਵਿੱਚ 25 ਫ਼ੀਸਦ ਵਾਧਾ ਕਰਨ, ਜੇ ਫਾਰਮ ਵਿੱਚ ਲੱਗਦੀ ਮਜ਼ਦੂਰੀ ਬਹਾਲ ਕਰਨ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਮੌਕੇ ਸਮਰਾਲਾ ਦੇ ਪ੍ਰਧਾਨ ਮਹਿੰਦਰ ਸਿੰਘ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਦੇ ਮਜ਼ਦੂਰਾਂ ਨੂੰ ਅਣਦੇਖਿਆ ਕੀਤਾ ਜਾਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸੀਜ਼ਨ ਤੋਂ ਪਹਿਲਾਂ ਮੰਡੀਆਂ ਦੇ ਮਜ਼ਦੂਰ ਆਪਣੀਆਂ ਮੰਗਾਂ ਮਨਵਾਉਣ ਲਈ ਤਿੱਖੇ ਸੰਘਰਸ਼ ਨਾਲ ਸੜਕਾਂ ’ਤੇ ਉਤਰ ਆਉਣਗੇ। ਸਟੇਜ ਸਕੱਤਰ ਦੀ ਭੂਮਿਕਾ ਪਵਨ ਭੱਟੀ ਨੇ ਬਾਖੂਬੀ ਨਿਭਾਈ।