ਕੇਂਦਰ ਸਰਕਾਰ ਦੇ ਪੈਰ ’ਚ ਪੈਰ ਧਰਨ ਲੱਗੀ ਮਾਨ ਸਰਕਾਰ: ਉਗਰਾਹਾਂ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪਿੰਡ ਨਾਰੰਗਵਾਲ ਵਿੱਚ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਕੇਂਦਰ ਸਰਕਾਰ ਦੇ ਪੈਰ ਵਿੱਚ ਪੈਰ ਧਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਜ਼ਮੀਨਾਂ ਤੋਂ ਬੇਦਖ਼ਲ ਕਰਨ ਦੇ ਰਾਹ ਪੈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਅਤੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਨੇੜੇ ਹਜ਼ਾਰਾਂ ਹੈਕਟੇਅਰ ਜ਼ਮੀਨ ਉਪਰ ਨਵੀਂਆਂ ਕਾਲੋਨੀਆਂ ਵਸਾਉਣ ਦੇ ਹੁਕਮ ਜਾਰੀ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅਤੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਕਦੇ ਵੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗਾ।
ਉਗਰਾਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਬਰੀ ਜ਼ਮੀਨਾਂ ਖੋਹਣ ਦੇ ਨਾਦਰਸ਼ਾਹੀ ਹੁਕਮ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡਾ ਇਕੱਠ ਕਰ ਕੇ ਜਲਦ ਹੀ ਸੰਘਰਸ਼ ਦੀ ਵਿਉਂਤਬੰਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ 19 ਜੁਲਾਈ ਨੂੰ ਪਿੰਡ ਦਾਖਾ ਵਿੱਚ ਪ੍ਰਭਾਵਿਤ ਕਿਸਾਨਾਂ ਮੀਟਿੰਗ ਵੀ ਕੀਤੀ ਜਾ ਰਹੀ ਹੈ। ਸੂਬਾ ਆਗੂ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਸੂਬਾ ਸਰਕਾਰ ਆਏ ਦਿਨ ਸੰਘਰਸ਼ਸ਼ੀਲ ਆਗੂਆਂ ਨੂੰ ਜੇਲ੍ਹਾਂ ਵਿੱਚ ਸੁੱਟ ਰਹੀ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਉਪਰ ਅਣ-ਐਲਾਨੀਆਂ ਪਾਬੰਦੀਆਂ ਲਾ ਕੇ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਹੈ, ਉਨ੍ਹਾਂ ਆਗੂਆਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਅਣ ਐਲਾਨੀਆਂ ਪਾਬੰਦੀਆਂ ਖ਼ਤਮ ਕਰਵਾਉਣ ਲਈ 25 ਜੁਲਾਈ ਦੀ ਸੰਗਰੂਰ ਵਿੱਚ ਹੋਣ ਵਾਲੀ ਰੋਸ ਰੈਲੀ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ। ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਮੀਤ ਪ੍ਰਧਾਨ ਮਨੋਹਰ ਸਿੰਘ ਕਲਾਹੜ, ਰਾਜਿੰਦਰ ਸਿੰਘ ਸਿਆੜ, ਚਰਨਜੀਤ ਸਿੰਘ ਫੱਲੇਵਾਲ, ਬਲਵੰਤ ਸਿੰਘ ਘੁਡਾਣੀ, ਹਰਜੀਤ ਸਿੰਘ ਘਲੋਟੀ ਸਮੇਤ ਹੋਰ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।