ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 8 ਸਤੰਬਰ
ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੀ ਅਗਵਾਈ ਹੇਠ ਪੱਕਾ ਮੋਰਚਾ 75ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਬਿੱਕਰਜੀਤ ਸਿੰਘ ਕਾਲਖ, ਪਰਮਜੀਤ ਸਿੰਘ ਕੋਟ ਆਗਾ, ਜਸਵੰਤ ਸਿੰਘ ਭੱਟੀਆਂ, ਹਰਪ੍ਰੀਤ ਕੌਰ ਗੁੱਜਰਵਾਲ ਅਤੇ ਸੁਰਿੰਦਰ ਕੌਰ ਕਾਲਖ ਨੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀਆਂ ਵਫ਼ਾਦਾਰ ਸਰਕਾਰਾਂ ਨੂੰ ਕਿਸਾਨਾਂ-ਮਜ਼ਦੂਰਾਂ ਦੀ ਕੋਈ ਫ਼ਿਕਰ ਨਹੀਂ ਹੈ। ਇਸੇ ਕਰ ਕੇ ਕੇਂਦਰ ਅਤੇ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੰਨ ਧਰਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਬਰਨਾਲਾ ਵਿਚ ਸਾਮਰਾਜ ਵਿਰੋਧੀ ਵਿਸ਼ਾਲ ਚੇਤਨਾ ਰੈਲੀ ਵਿਚ ਹਜ਼ਾਰਾਂ ਕਿਸਾਨ-ਮਜ਼ਦੂਰ ਸ਼ਮੂਲੀਅਤ ਕਰਨਗੇ। ਇਸ ਮੌਕੇ ਕਿਸਾਨ ਆਗੂ ਕੁਲਦੀਪ ਸਿੰਘ ਗੁੱਜਰਵਾਲ, ਹਾਕਮ ਸਿੰਘ ਜਰਗੜੀ, ਰਮਨਦੀਪ ਸਿੰਘ ਘਲੋਟੀ, ਲਖਵਿੰਦਰ ਸਿੰਘ ਉਕਸੀ, ਦੇਵਿੰਦਰ ਸਿੰਘ ਘਲੋਟੀ ਅਤੇ ਪਰਮਵੀਰ ਸਿੰਘ ਘਲੋਟੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵਾਅਦਾ ਕਰਨ ਦੇ ਬਾਵਜੂਦ ਚੋਰੀ-ਛੁਪੇ ਜ਼ਮੀਨਾਂ ’ਤੇ ਜਬਰੀ ਕਬਜ਼ੇ ਦੀਆਂ ਵਿਉਂਤਾਂ ਬਣਾ ਰਿਹਾ ਹੈ, ਜਿਸ ਨੂੰ ਕਿਸੇ ਸੂਰਤ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।