ਗੁਰਿੰਦਰ ਸਿੰਘ
ਲੁਧਿਆਣਾ, 10 ਜੂਨ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕੇਂਦਰ ਸਰਕਾਰ ਵੱਲੋਂ 14 ਫਸਲਾਂ ਦੇ ਭਾਅ ਵਿੱਚ ਕੀਤੇ ਮਾਮੂਲੀ ਵਾਧੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਹੈ ਕਿ ਸਰਕਾਰ ਨੇ ਐੱਮਐੱਸਪੀ ਵਿੱਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਦੇ ਜਖ਼ਮਾਂ ਤੇ ਲੂਣ ਹੀ ਛਿੜਕਿਆ ਹੈ ਕਿਉਂਕਿ ਕਿਸਾਨ ਪਹਿਲਾਂ ਹੀ ਭਾਰੀ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਹੇ ਹਨ। ਜਥੇਬੰਦੀ ਦੀ ਅੱਜ ਮੁੱਖ ਦਫ਼ਤਰ ਵਿੱਚ ਅਵਤਾਰ ਸਿੰਘ ਮੇਹਲੋਂ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੇ ਫੈਸਲਿਆਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਪੰਜਾਬ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਝੋਨੇ ਉੱੱਪਰ 100 ਰੁਪਏ ਦਾ ਵਾਧਾ ਕੀਤਾ ਹੈ ਪਰ ਜੇਕਰ ਫਸਲੀ ਖਰਚਿਆਂ ਨੂੰ ਜੋੜਿਆ ਜਾਵੇ ਤਾਂ ਝੋਨੇ ਦੀ ਫਸਲ ਦਾ ਘੱਟੋ- ਘੱਟ ਖਰੀਦ ਮੁੱਲ 3200 ਰੁਪਏ ਪ੍ਰਤੀ ਕੁਇੰਟਲ ਬਣਦਾ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ 2040 ਰੁਪਏ ਪ੍ਰਤੀ ਕੁਇੰਟਲ ਰੇਟ ਹੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਅੰਦਰ 6.7 ਫ਼ੀਸਦੀ ਖੇਤੀ ਲਾਗਤ ਖਰਚਾ ਵਧਿਆ ਹੈ ਪਰ ਸਰਕਾਰ ਨੇ ਫਸਲਾਂ ਦੇ ਰੇਟ ਮਹਿਜ਼ 1.5 ਫ਼ੀਸਦੀ ਹੀ ਵਧਾਏ ਹਨ ਜੋ ਕਿਸਾਨਾਂ ਨਾਲ ਸਰਾਸਰ ਧੱਕਾ ਹੈ।