ਪੱਤਰ ਪ੍ਰੇਰਕ
ਮਾਛੀਵਾੜਾ, 28 ਸਤੰਬਰ
ਗਤਕਾ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਨੈਸ਼ਨਲ ਪੱਧਰ ਦੀ ਪੰਜਵੀਂ ਗਤਕਾ ਓਪਨ ਚੈਂਪੀਅਨਸ਼ਿਪ 2 ਤੇ 3 ਅਕਤੂਬਰ ਨੂੰ ਨੈਸ਼ਨਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਚੁਪਕੀ ਜ਼ਿਲ੍ਹਾ ਪਟਿਆਲਾ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਇੱਕ ਮੀਟਿੰਗ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ (ਆਈ.ਪੀ.ਐੱਸ) ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਵੱਲੋਂ ਮਾਛੀਵਾੜਾ ਸਾਹਿਬ ਵਿੱਚ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਭੁੱਲਰ ਨੇ ਦੱਸਿਆ ਕਿ ਇਸ ਵਾਰ ਚੈਂਪੀਅਨਸ਼ਿਪ ਵਿਚ 20 ਤੋਂ ਵਧੇਰੇ ਰਾਜਾਂ ਤੋਂ ਗਤਕਾ ਦੀਆਂ ਟੀਮਾਂ ਭਾਗ ਲੈਣਗੀਆਂ। ਫੈਡਰੇਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿਚ ਅੰਡਰ-14, 17, 19, 22, -25, -25, -28 ਉਮਰ ਵਰਗ ਦੇ ਲੜਕੇ-ਲੜਕੀਆਂ ਦੇ ਮੁਕਾਬਲੇ ਹੋਣਗੇ। ਮੀਟਿੰਗ ’ਚ ਪੁੱਜੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਇਸ ਵਾਰ ਨੈਸ਼ਨਲ ਪੱਧਰ ਦੀ ਚੈਂਪੀਅਨਸ਼ਿਪ ਨੂੰ ਪੰਜਾਬ ਗਤਕਾ ਐਸੋਸੀਏਸ਼ਨ ਹੋਸਟ ਕਰ ਰਹੀ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਚੈਪੀਅਨਸ਼ਿਪ ਦਾ ਉਦਘਾਟਨ ਉੱਘੇ ਸਮਾਜ ਸੇਵਕ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਐੱਸ.ਪੀ. ਸਿੰਘ ਓਬਰਾਏ ਕਰਨਗੇ ਅਤੇ ਇਨਾਮਾਂ ਦੀ ਵੰਡ ਪਦਮ ਸੰਤ ਬਲਵੀਰ ਸਿੰਘ ਸੀਚੇਵਾਲ ਕਰਨਗੇ।