ਲੁਧਿਆਣਾ (ਗੁਰਿੰਦਰ ਸਿੰਘ): ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਵਾਪਸ ਲੈਕੇ ਰਿੱਟ ਪਟੀਸ਼ਨ ਵਾਪਸ ਲੈਣ ਵਾਲੇ ਦਸਤਾਵੇਜ 13 ਮੈਂਬਰੀ ਕਿਸਾਨ ਜਥੇਬੰਦੀਆਂ ਦੀ ਕੋਆਰਡੀਨੇਸ਼ਨ ਕਮੇਟੀ ਨੂੰ ਭੇਜ ਦਿੱਤੇ ਹਨ। ਅੱਜ ਇੱਥੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਮੁੱਖ ਜਨਰਲ ਸਕੱਤਰ ਰਾਮਕਰਨ ਸਿੰਘ ਰਾਮਾ ਨੇ ਕਿਹਾ ਕਿ ਉਹ ਤਨ-ਮਨ ਤੋਂ ਸਾਰੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਨਾਲ ਖੜ੍ਹੇ ਹਨ ਤੇ ਜਦੋਂ ਤੱਕ ਮੋਦੀ ਸਰਕਾਰ ਇਹ ਕਿਸਾਨ ਮਾਰੂ ਕਾਲੇ ਬਿੱਲ ਰੱਦ ਨਹੀਂ ਕਰਦੀ ਉਦੋ ਤੱਕ ਸੰਘਰਸ਼ ਜਾਰੀ ਰਹੇਗਾ। ਮੀਟਿੰਗ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਬਿਨਾਂ qਸਲਾਹ ਮਸ਼ਵਰਾ ਕੀਤੇ ਸੁਪਰੀਮ ਕੋਰਟ ਵਿੱਚ ਕੇਸ ਦਾਇਰ ਕਰਨ ਕਰ ਕੇ ਹਰਿੰਦਰ ਸਿੰਘ ਲੱਖੋਵਾਲ ਜਨਰਲ ਸਕੱਤਰ ਪੰਜਾਬ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਵੀ ਮਨਜ਼ੂਰ ਕਰਨ ਦਾ ਫ਼ੈਸਲਾ ਕੀਤਾ ਗਿਆ। ਸ੍ਰੀ ਰਾਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਿਸਾਨ ਜਥੇਬੰਦੀਆਂ ਨਾਲ ਕੀਤੇ ਵਾਅਦੇ ਮੁਤਾਬਕ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਬੁਲਾ ਕੇ ਇਹ ਕਾਨੂੰਨ ਰੱਦ ਕੀਤੇ ਜਾਣ।