ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 4 ਮਾਰਚ
ਇੱਥੇ ਅੱਜ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ -ਕਮ-ਨੋਡਲ ਅਫਸਰ ਟੀਕਾਕਰਨ ਡਾ. ਨਯਨ ਜੱਸਲ ਨੇ ਸਕੂਲਾਂ ਦੇ ਪ੍ਰਿੰਸੀਪਲਾਂ ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਅੱਜ ਇਸ ਸਬੰਧ ਵਿੱਚ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ, ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ 3 ਜਨਵਰੀ ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਟੀਕਾਕਰਨ ਸ਼ੁਰੂ ਕੀਤਾ ਸੀ, ਹੁਣ ਤੱਕ ਕੁੱਲ 79986 ਬੱਚਿਆਂ ਨੂੰ ਪਹਿਲੀ ਡੋਜ਼ ਲੈ ਲਈ ਹੈ ਜਦਕਿ 5071 ਬੱਚਿਆਂ ਨੂੰ ਦੂਜੀ ਡੋਜ਼ ਵੀ ਲੱਗ ਚੁੱਕੀ ਹੈ। ਉਨ੍ਹਾਂ ਕਿਹਾ ਕਿ 15 ਤੋਂ 18 ਸਾਲ ਤੱਕ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਕਵਰ ਕਰਨ ਲਈ ਸਕੂਲਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇ ਬੱਚੇ ਆਪਣੇ ਆਪ ਟੀਕਾਕਰਨ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਕਿਸੇ ਵੀ ਕੈਂਪ ਵਿੱਚ ਜਾ ਸਕਦੇ ਹਨ।
ਕਰੋਨਾ ਦੇ ਚਾਰ ਨਵੇਂ ਮਰੀਜ਼ ਆਏ
ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਜ਼ਿਲ੍ਹਾ ਲੁਧਿਆਣਾ ਵਿੱਚ ਕਰੋਨਾ ਦੇ ਕੇਸਾਂ ਲਗਾਤਾਰ ਸਾਹਮਣੇ ਆ ਰਹੇ ਹਨ। ਅੱਜ ਵੀ ਕਰੋਨਾ ਦੇ 4 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਸਿਵਲ ਸਰਜਨ ਡਾ. ਐੱਸਪੀ ਸਿੰਘ ਨੇ ਦੱਸਿਆ ਕਿ ਪੈਂਡਿੰਗ ਪਈਆਂ ਰਿਪੋਰਟਾਂ ਵਿੱਚੋਂ 4 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਇੱਕ ਮਰੀਜ਼ ਸਰਕਾਰੀ ਹਸਪਤਾਲ ਵਿੱਚ ਭਰਤੀ ਹੈ। 3 ਮਰੀਜ਼ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਹਨ। ਇਸ ਦੇ ਨਾਲ ਕਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ 2276 ਹੋ ਗਈ ਹੈ।