ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਸਤੰਬਰ
ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈੱਡਰੇਸ਼ਨ ਦੀ 23ਵੀਂ ਸੂਬਾਈ ਜਥੇਬੰਦਕ ਕਾਨਫਰੰਸ ਦੋ ਅਕਤੂਬਰ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ, ਨੇੜੇ ਬੱਸ ਸਟੈਂਡ ਮੋਗਾ ਵਿੱਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜੋ ਮੁਲਾਜ਼ਮ ਆਗੂ ਸਾਥੀ ਸੱਜਣ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਵੇਗੀ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਬੰਸ ਸਿੰਘ ਪੰਧੇਰ ਦੀ ਪ੍ਰਧਾਨਗੀ ਹੇਠ ਕਾਨਫਰੰਸ ਦੀਆਂ ਤਿਆਰੀਆਂ ਲਈ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਕਾਨਫਰੰਸ ਦੌਰਾਨ ਮੁਲਾਜ਼ਮ ਸੰਘਰਸ਼ਾਂ ਦੇ ਬਾਬਾ ਬੋਹੜ ਸਾਥੀ ਰਣਬੀਰ ਸਿੰਘ ਢਿੱਲੋਂ ਨੂੰ 90ਵੇਂ ਜਨਮ ਦਿਨ ਮੌਕੇ ਸਨਮਾਨਿਆ ਜਾਵੇਗਾ। ਮੀਟਿੰਗ ਵਿੱਚ ਜਥੇਬੰਦਕ ਕਾਨਫਰੰਸ ਦਾ ਪੋਸਟਰ ਵੀ ਜਾਰੀ ਕੀਤਾ ਗਿਆ।
ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਰਣਜੀਤ ਸਿੰਘ ਰਾਣਵਾਂ ਨੇ ਦੱਸਿਆ ਕਿ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਮੁਲਾਜ਼ਮਾਂ ਦੀ ਚਿਰਾਂ ਤੋਂ ਲਟਕਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ ਅਤੇ ਸਰਕਾਰ ਵੱਲੋਂ ਪਰਖ ਕਾਲ ਦੇ ਸਮੇਂ ਦੌਰਾਨ ਘੱਟ ਤਨਖ਼ਾਹਾਂ ਦੇਣ ਦੀ ਪ੍ਰਥਾ ਬੰਦ ਕਰਕੇ ਪੂਰੇ ਤਨਖਾਹ ਸਕੇਲਾਂ ਅਤੇ ਭੱਤਿਆਂ ਸਮੇਤ ਨਵੀਂਆਂ ਭਰਤੀਆਂ ਕੀਤੀਆਂ ਜਾਣ।