ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 31 ਅਗਸਤ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਖਿਡਾਰੀਆਂ ਅਤੇ ਦਰਸ਼ਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਆਮ ਲੋਕਾਂ ਵਿੱਚ ਖੇਡਾਂ ਪ੍ਰਤੀ ਹੋਰ ਵੀ ਉਤਸ਼ਾਹ ਵਧੇ। ਐੱਸਡੀਐੱਮ ਅਹਿਮਦਗੜ੍ਹ ਹਰਬੰਸ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਨਗਰ ਕੌਂਸਲ, ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ, ਮਾਰਕੀਟ ਕਮੇਟੀ, ਸਵਿਲ ਹਸਪਤਾਲ, ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੇ ਡੀਸੀ ਮਾਲੇਰਕੋਟਲਾ ਡਾ ਪੱਲਵੀ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕਰਨ ਦਾ ਭਰੋਸਾ ਦਿੱਤਾ। ਐੱਸਡੀਐੱਮ ਹਰਬੰਸ ਸਿੰਘ ਨੇ ਦੱਸਿਆ ਕਿ ਕਾਰਜਕਾਰੀ ਮੈਜਿਸਟ੍ਰੇਟ ਮਨਮੋਹਨ ਕੁਮਾਰ ਕੌਸ਼ਿਕ ਅਤੇ ਸੁਖਚਰਨ ਸਿੰਘ ਚੰਨੀ ਦੀ ਨਿਗਰਾਨੀ ਹੇਠ 9 ਸਤੰਬਰ ਨੂੰ ਟਾਊਨ ਹਾਲ ਬਾਲੇਵਾਲ ਵਿੱਚ ਸ਼ੁਰੂ ਹੋਣ ਵਾਲੀਆਂ ਖੇਡਾਂ ਲਈ ਸਾਰੇ ਪ੍ਰਬੰਧਾਂ ਦੀ ਰੂਪਰੇਖਾ ਤਿਆਰ ਕਰ ਲਈ ਗਈ ਹੈ। ਜਿੱਥੇ ਖਿਡਾਰੀਆਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਈ ਜਾਵੇਗੀ ਉੱਥੇ ਸਾਰਿਆਂ ਦੇ ਪੀਣ ਲਈ ਸ਼ੁੱਧ ਪਾਣੀ ਦਾ ਇੰਤਜ਼ਾਮ ਕੀਤਾ ਗਿਆ ਹੈ। ਸਮਾਜਸੇਵੀ ਸੰਸਥਾਵਾਂ ਰਾਹੀਂ ਵਾਧੂ ਸਿਹਤ ਸੁਵਿਧਾਵਾਂ, ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ।