ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 31 ਅਗਸਤ
ਸੀਵਰਮੈਨ ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਅੱਜ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਕਮੇਟੀ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏੇ। ਇਸ ਤੋਂ ਪਹਿਲਾਂ ਵਿਧਾਇਕ ਗੋਗੀ ਨੇ ਸੰਘਰਸ਼ ਕਮੇਟੀ ਦੇ ਕੁੱਝ ਮੈਂਬਰਾਂ ਦੀ ਸਥਾਨਕ ਸਰਕਾਰ ਬਾਰੇ ਮੰਤਰੀ ਨਾਲ ਮੁਲਾਕਾਤ ਵੀ ਕਰਵਾਈ। ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਪਿਛਲੀ ਸਰਕਾਰ ਅਤੇ ਲੁਧਿਆਣਾ ਦੀ ਸਥਾਨਕ ਸਰਕਾਰ ਦੀਆਂ ਗਲਤ ਨੀਤੀਆਂ ਸਦਕਾ ਅੱਜ ਇਨ੍ਹਾਂ ਮੁਲਾਜ਼ਮਾਂ ਨੂੰ ਅਜਿਹਾ ਸੰਘਰਸ਼ ਕਰਨਾ ਪਿਆ, ਜੋ ਕਿ ਨਹੀਂ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਲੋਕਾਂ ਵੱਲੋਂ ਹੀ ਚੁਣੀ ਹੋਈ, ਇਨ੍ਹਾਂ ਦੀ ਆਪਣੀ ਸਰਕਾਰ ਹੈ। ਕਮੇਟੀ ਦੇ ਮੈਂਬਰਾਂ ਨੇ ਆਪਣੀਆਂ ਵੱਖ ਵੱਖ ਮੰਗਾਂ ਨਿਗਮ ਕਮਿਸ਼ਨਰ ਨੂੰ ਦੱਸੀਆਂ। ਇਸ ਤੋਂ ਇਲਾਵਾ ਕਮੇਟੀ ਮੈਂਬਰਾਂ ਨੇ ਇਸ ਗੱਲ ’ਤੇ ਵੀ ਚਰਚਾ ਕੀਤੀ ਕਿ ਕੱਚੇ ਸਫ਼ਾਈ ਮੁਲਾਜ਼ਮਾਂ ਦੀ ਸੂਚੀਆਂ ਨੂੰ ਜਲਦੀ ਦੁਰਸਤ ਕਰਕੇ ਫਾਇਨਲ ਸੂਚੀ ਜਾਰੀ ਕੀਤੀ ਜਾਵੇ। ਵਿਧਾਇਕ ਗੋਗੀ ਨੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰ ਵਿੱਚ ਬੰਦ ਪਈਆਂ ਸਟਰੀਟ ਲਾਈਟਾਂ ਦੀਆਂ ਸ਼ਿਕਾਇਤਾਂ ਦਾ ਨਬਿੇੜਾ ਨਹੀਂ ਕੀਤਾ ਜਾਂਦਾ ਸਗੋਂ ਕਾਗਜ਼ੀ-ਪੱਤਰੀਂ ਹੀ ਲਾਈਟਾਂ ਨੂੰ ਦਰੁਸਤ ਕਰ ਦਿੱਤਾ ਜਾਂਦਾ ਹੈ, ਜਿਸ ਦੀ ਜ਼ਮੀਨੀ ਪੱਧਰ ’ਤੇ ਜਾਂਚ ਕਰਨ ਦੀ ਲੋੜ ਹੈ।