ਖੰਨਾ: ਪੰਜਾਬ ਪ੍ਰਦੇਸ਼ ਕਾਂਗਰਸ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰ ਕੇ ਪੰਜਾਬ ਦੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਪੰਜਾਬ ਵਕਫ਼ ਬੋਰਡ ਵਿੱਚ ਬਾਹਰੀ ਸੂਬਿਆਂ ਦੇ ਮੁਸਲਮਾਨਾਂ ਦੀ ਥਾਂ ਪੰਜਾਬ ਦੇ ਮੁਸਲਮਾਨਾਂ ਨੂੰ ਅਧਿਕਾਰੀ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਕਫ਼ ਬੋਰਡ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਤੇ ਮੁਸਲਮਾਨ ਭਾਈਚਾਰੇ ਦੇ ਨਾਲ ਜੈਨ, ਬੋਧੀ ਤੇ ਈਸਾਈ ਭਾਈਚਾਰੇ ਨੂੰ ਸਰਕਾਰੀ ਸਕੀਮਾਂ ਦੇ ਲਾਭ ਤਰਜੀਹ ਦੇ ਆਧਾਰ ’ਤੇ ਦਿੱਤੇ ਜਾਣ। ਸ੍ਰੀ ਖਾਨ ਨੇ ਦੱਸਿਆ ਕਿ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਦੀਆਂ ਮੰਗਾਂ ਤੇ ਸਹਿਮਤੀ ਪ੍ਰਗਟ ਕਰਦਿਆਂ ਜਲਦੀ ਕਾਰਵਾਈ ਦਾ ਭਰੋਸਾ ਦਿੱਤਾ। -ਨਿੱਜੀ ਪੱਤਰ ਪ੍ਰੇਰਕ