ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 8 ਜੁਲਾਈ
ਕਾਲਜਾਂ ਦੇ ਨਾਨ-ਟੀਚਿੰਗ ਸਟਾਫ਼ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਇਕ ਵਫ਼ਦ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਮਿਲਿਆ। ਏਡਿਡ ਕਾਲਜ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਦੀ ਅਗਵਾਈ ’ਚ ਮਿਲੇ ਇਸ ਵਫ਼ਦ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਫੌਰੀ ਮੰਨੀਆਂ ਜਾਣ। ਯੂਨੀਅਨ ਦੇ ਮੀਤ ਪ੍ਰਧਾਨ ਗੁਲਸ਼ਨ ਕੁਮਾਰ ਜਗਰਾਉਂ ਨੇ ਦੱਸਿਆ ਕਿ ਇਹ ਵਫ਼ਦ ਸੂਬਾ ਪ੍ਰਧਾਨ ਮਨਦੀਪ ਸਿੰਘ ਬੇਦੀ, ਜਨਰਲ ਸਕੱਤਰ ਵਿਵੇਕ ਮਾਰਕੰਡਾ, ਸਕੱਤਰ ਕਸ਼ਮੀਰ ਸਿੰਘ ਅਤੇ ਪਰਵੀਨ ਹਾਂਡਾ ਦੀ ਅਗਵਾਈ ’ਚ ਕੈਬਨਿਟ ਮੰਤਰੀ ਨੂੰ ਮਿਲਿਆ। ਆਗੂਆਂ ਨੇ ਕਿਹਾ ਕਿ ਜਨਵਰੀ 2006 ਤੋਂ ਸੋਧੇ ਹੋਏ ਹਾਊਸ ਰੈਂਟ, ਮੈਡੀਕਲ ਅਲਾਊਂਸ ਕਾਲਜਾਂ ’ਚ ਕੰਮ ਕਰਦੇ ਨਾਨ-ਟੀਚਿੰਗ ਕਰਮਚਾਰੀਆਂ ’ਤੇ ਲਾਗੂ ਨਹੀਂ ਕੀਤੇ ਗਏ ਜਦੋਂ ਕਿ ਕਾਲਜ ਟੀਚਰਾਂ ਨੂੰ ਇਹ ਲਾਭ ਦੇ ਦਿੱਤਾ ਗਿਆ ਹੈ। ਇਸੇ ਤਰ੍ਹਾਂ ਦਸੰਬਰ 2011 ਤੋਂ ਪੇਅ ਸਕੇਲ ’ਚ ਕੀਤੇ ਗਏ ਬਦਲਾਅ ਨੂੰ ਨਾਨ-ਟੀਚਿੰਗ ਕਰਮਚਾਰੀਆਂ ’ਤੇ ਲਾਗੂ ਨਹੀਂ ਕੀਤਾ ਗਿਆ। ਉਚੇਰੀ ਸਿੱਖਿਆ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਸ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੋਸ਼ਿਸ਼ ਕਰਨਗੇ।