Mega PTM: ਲੁਧਿਆਣਾ ਦੇ ਸਰਕਾਰੀ ਸਕੂਲਾਂ ’ਚ ਮੈਗਾ ਪੀ ਟੀ ਐੱਮ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੈਗਾ ਪੀ ਟੀ ਐੱਮ (ਮਾਪੇ-ਅਧਿਆਪਕ ਮਿਲਣੀ) ਮੁਹਿੰਮ ਅਧੀਨ ਅੱਜ ਜ਼ਿਲ੍ਹਾ ਲੁਧਿਆਣੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪੀ ਟੀ ਐੱਮ ਦਾ ਪ੍ਰਬੰਧ ਕੀਤਾ ਗਿਆ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਹਲਕਾ ਲੁਧਿਆਣਾ ਕੇਂਦਰੀ ਅਧੀਨ ਸਕੂਲ ਆਫ਼...
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੈਗਾ ਪੀ ਟੀ ਐੱਮ (ਮਾਪੇ-ਅਧਿਆਪਕ ਮਿਲਣੀ) ਮੁਹਿੰਮ ਅਧੀਨ ਅੱਜ ਜ਼ਿਲ੍ਹਾ ਲੁਧਿਆਣੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪੀ ਟੀ ਐੱਮ ਦਾ ਪ੍ਰਬੰਧ ਕੀਤਾ ਗਿਆ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਹਲਕਾ ਲੁਧਿਆਣਾ ਕੇਂਦਰੀ ਅਧੀਨ ਸਕੂਲ ਆਫ਼ ਐਮੀਨੈਂਸ (ਇਸਲਾਮੀਆ ਸਕੂਲ) ਵਿੱਚ ਅਧਿਆਪਕ-ਮਾਪੇ ਮਿਲਣੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਵਿਧਾਇਕ ਪਰਾਸ਼ਰ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਅਧਿਆਪਕਾਂ ਅਤੇ ਮਾਪਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਸਤਖ਼ਤ ਕੀਤੇ ਵਿਸ਼ੇਸ਼ ਪ੍ਰਸ਼ੰਸਾ ਪੱਤਰ ਸਕੂਲਾਂ ਦੇ ਕੰਮਕਾਜ ਵਿੱਚ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਵੰਡੇ। ਇਨ੍ਹਾਂ ਵਿੱਚ ਮਿਡ-ਡੇਅ ਮੀਲ ਵਰਕਰ, ਸੁਰੱਖਿਆ ਗਾਰਡ, ਕੈਂਪਸ ਮੈਨੇਜਰ, ਸਕੂਲ ਪ੍ਰਬੰਧਨ ਕਮੇਟੀਆਂ ਦੇ ਮੈਂਬਰ ਆਦਿ ਸ਼ਾਮਲ ਹਨ। ਵਿਧਾਇਕ ਪੱਪੀ ਨੇ ਕਿਹਾ ਕਿ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਰਮਿਆਨ ਨਿਰੰਤਰ ਸੰਪਰਕ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਹੈ। ਮੈਗਾ ਪੀ ਟੀ ਐੱਮ ਰਾਹੀਂ ਮਾਪਿਆਂ ਤੋਂ ਪ੍ਰਾਪਤ ਫੀਡਬੈਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਾਇਕ ਸਾਬਤ ਹੁੰਦਾ ਹੈ। ਇਸ ਸਬੰਧੀ ਸਕੂਲਾਂ ਵਿੱਚ ਢੁਕਵੇਂ ਪ੍ਰਬੰਧ ਕੀਤੇ ਹੋਏ ਸਨ।
ਅਧਿਆਪਕਾਂ ਨੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਹੀ ਨਹੀਂ ਸਗੋਂ ਸਕੂਲਾਂ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਵੀ ਜਾਣੂ ਕਰਵਾਇਆ। ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਨੇ ਭਰੋਸਾ ਦਿਵਾਇਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ।

