ਪੱਤਰ ਪ੍ਰੇਰਕ
ਸਮਰਾਲਾ, 8 ਦਸੰਬਰ
ਪਾਵਰਕਾਮ ਅਧੀਨ ਆਊਟਸੋਰਸ ’ਤੇ ਕੰਮ ਕਰਦੇ ਸੂਬੇ ਦੇ ਮੀਟਰ ਰੀਡਰਾਂ ਵੱਲੋਂ ਸੱਤ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਅਤੇ ਪ੍ਰਾਈਵੇਟ ਕੰਪਨੀਆਂ ਵੱਲੋਂ ਉਨ੍ਹਾਂ ਦਾ ਸ਼ੋਸ਼ਣ ਕੀਤੇ ਜਾਣ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਅੱਜ ਇੱਥੇ ਮੀਟਰ ਰੀਡਰ ਯੂਨੀਅਨ ਪੰਜਾਬ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਰੋਸ ਦਿਖਾਵਾ ਕਰਦੇ ਹੋਏ ਸਰਕਾਰ ਅਤੇ ਪਾਵਰਕੌਮ ਨੂੰ ਸੰਘਰਸ਼ ਦੀ ਚਿਤਾਵਨੀ ਦਿੱਤੀ। ਉਨ੍ਹਾਂ ਆਖਿਆ ਕਿ ਜੇ ਉਨ੍ਹਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਸਣੇ ਹੋਰ ਮੰਗਾਂ ’ਤੇ ਧਿਆਨ ਨਾ ਦਿੱਤਾ ਗਿਆ ਤਾਂ ਉਹ ਧਰਨੇ ਲਗਾਉਣ ਲਈ ਮਜਬੂਰ ਹੋਣਗੇ।
ਇਸ ਮੌਕੇ ਪੰਜਾਬ ਮੀਟਰ ਰੀਡਰ ਯੂਨੀਅਨ ਦੇ ਸੂਬਾ ਪ੍ਰਧਾਨ ਜਤਿੰਦਰ ਸਿੰਘ ਭੰਗ ਤੇ ਹੋਰ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਸਮੂਹ ਮੀਟਰ ਰੀਡਰਾਂ ਵੱਲੋਂ ਮੰਗ ਰੱਖੀ ਗਈ ਹੈ ਕਿ ਆਊਟਸੋਰਸ ਕੰਪਨੀਆਂ ਵੱਲੋਂ ਉਨ੍ਹਾਂ ਦਾ ਕੀਤਾ ਜਾ ਰਿਹਾ ਸ਼ੋਸ਼ਣ ਬੰਦ ਕਰਨ ਲਈ ਢੁੱਕਵੀਂ ਨੀਤੀ ਬਣਾਈ ਜਾਵੇ। ਇਹ ਕੰਪਨੀਆਂ ਉਨਾਂ ਕੋਲੋਂ ਪੰਜ ਤੋਂ ਛੇ ਹਜ਼ਾਰ ਰੁਪਏ ਮਾਮੂਲੀ ਤਨਖ਼ਾਹ ’ਤੇ ਕੰਮ ਲੈ ਰਹੀਆਂ ਹਨ, ਜੋ ਲੇਬਰ ਕਾਨੂੰਨਾਂ ਅਤੇ ਡੀਸੀ ਰੇਟ ਤੋਂ ਵੀ ਘੱਟ ਹੈ। ਮੀਟਰ ਰੀਡਰਾਂ ਦਾ ਈਪੀਐਫ ਵੀ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਪਾਵਰਕੌਮ ਅਤੇ ਆਊਟਸੋਰਸ ਕੰਪਨੀਆਂ ਖ਼ਿਲਾਫ਼ ਰੋਸ ਪ੍ਰਦਸ਼ਨ ਕਰਦੇ ਹੋਏ ਮੀਟਰ ਰੀਡਰਾਂ ਨੇ ਪਿਛਲੇ 7 ਮਹੀਨਿਆਂ ਤੋਂ ਰੋਕੀ ਹੋਈ ਤਨਖ਼ਾਹ ਜਲਦੀ ਹੀ ਨਾ ਮਿਲਣ ਦੀ ਸੂਰਤ ਵਿੱਚ ਵੱਡੇ ਸੰਘਰਸ਼ ਦੀ ਚਿਤਾਵਨੀ ਦਿੱਤੀ। ਆਗੂਆਂ ਨੇ ਮੁੱਖ ਮੰਤਰੀ ਪੰਜਾਬ ਨੂੰ ਤੁਰੰਤ ਉਨ੍ਹਾਂ ਦੇ ਮਸਲਿਆਂ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ।
ਇਸ ਮੌਕੇ ਪਰਮਿੰਦਰ ਸਿੰਘ, ਕੁਲਜੀਤ ਸਿੰਘ, ਭਰਪੂਰ ਸਿੰਘ, ਹਰਮਨ ਜੋਤ ਸਿੰਘ, ਹਰਦੀਪ ਸਿੰਘ, ਦਵਿੰਦਰ ਸਿੰਘ, ਰਾਜਵਿੰਦਰ ਸਿੰਘ, ਰਾਜਿੰਦਰ ਸਿੰਘ, ਅਮਨ ਕੁਮਾਰ ਤੇ ਹੋਰ ਆਗੂ ਹਾਜ਼ਰ ਸਨ।