ਮਿੱਡ-ਡੇਅ ਮੀਲ ਤੇ ਆਸ਼ਾ ਵਰਕਰਾਂ ਵੱਲੋਂ ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਸੰਜੀਵ ਅਰੋੜਾ ਦੇ ਦਫ਼ਤਰ ਸਾਹਮਣੇ ਨਾਅਰੇਬਾਜ਼ੀ ਕਰਦਿਅਾਂ ਪੂਰੀਆਂ ਤਨਖਾਹਾਂ ਦੇਣ ਦੀ ਮੰਗ ਕੀਤੀ
ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਵੱਲੋਂ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ 6 ਕੈਬਨਿਟ ਮੰਤਰੀਆਂ ਅਤੇ ਕਾਰਜਕਾਰੀ ਪ੍ਰਧਾਨਾਂ ਦੇ ਘਰਾਂ ਵੱਲ ਰੋਸ ਮਾਰਚ ਕਰ ਕੇ ਮਾਣ ਭੱਤਾ ਵਰਕਰਾਂ ਨਾਲ ਕੀਤੇ ਚੋਣ ਵਾਅਦੇ ਯਾਦ ਕਰਵਾਉਣ ਦੇ ਦਿੱਤੇ ਐਕਸ਼ਨਾਂ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸੰਜੀਵ ਅਰੋੜਾ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਇਸ ਵਿੱਚ ਪ੍ਰਵੀਨ ਕੁਮਾਰੀ, ਰਾਜ ਰਾਣੀ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮਿੱਡ-ਡੇਅ ਮੀਲ ਅਤੇ ਆਸ਼ਾ ਵਰਕਰਾਂ ਵੱਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਗਈ।
ਇਸ ਧਰਨੇ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਤੋਂ ਇਲਾਵਾ ਇੰਦਰਜੀਤ ਕੌਰ, ਪਿੰਕੀ, ਪੂਜਾ, ਪ੍ਰੀਤੀ, ਵਿਦਿਆ ਵਤੀ, ਸ਼ਸੀ, ਅਮਨਦੀਪ ਕੌਰ, ਮਨਜੀਤ ਕੌਰ ਅਤੇ ਪਰਮਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਾਣ ਭੱਤਾ ਵਰਕਰਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਨੂੰ ਮਿਲਦੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕੀਤਾ ਜਾਵੇਗਾ ਅਤੇ ਵਰਕਰਾਂ ਦੀ ਤਨਖਾਹ ਵਿੱਚ ਹਰ ਸਾਲ ਬਣਦਾ ਵਾਧਾ ਕੀਤਾ ਜਾਵੇਗਾ ਪ੍ਰੰਤੂ ਚਾਰ ਸਾਲ ਬਾਅਦ ਵੀ ਵਰਕਰਾਂ ਦੀਆਂ ਤਨਖਾਹਾਂ ਵਿੱਚ ਇੱਕ ਟਕੇ ਦਾ ਵੀ ਵਾਧਾ ਨਹੀਂ ਕੀਤਾ ਗਿਆ। ਉਹ ਸੌ ਰੁਪਏ ਪ੍ਰਤੀ ਦਿਹਾੜੀ ਦੇ ਨਿਗੂਣੇ ਭੱਤੇ ਉੱਤੇ ਹੀ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਮਜਬੂਰ ਹਨ। ਧਰਨੇ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਲੀਲ੍ਹ, ਡੀ ਟੀ ਐੱਫ ਦੇ ਰਮਨਜੀਤ ਸਿੰਘ ਸੰਧੂ, ਰੁਪਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਸੱਤਾ ’ਤੇ ਕਾਬਜ਼ ਹੋਣ ਤੋਂ ਪਹਿਲਾਂ ਹਰ ਵਰਗ ਨਾਲ ਅਨੇਕਾਂ ਹੀ ਵਾਅਦੇ ਕਰ ਕੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਫਸੋਸ ਇਹ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ। ਇਹੋ ਵਜ੍ਹਾ ਹੈ ਕਿ ਹਰ ਵਰਗ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਤੇ ਗੁੱਸੇ ਵਿੱਚ ਹੈ ਤੇ ਸੰਘਰਸ਼ ਦੇ ਮੈਦਾਨ ਵਿੱਚ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਆਪਣੇ ਆਖ਼ਰੀ ਬਜਟ ਵਿੱਚ ਮਾਣ ਭੱਤਾ ਵਰਕਰਾਂ ਨੂੰ ਅਣਗੌਲਿਆਂ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਰੈਲੀ ਉਪਰੰਤ ਮੰਤਰੀ ਸੰਜੀਵ ਅਰੋੜਾ ਦੇ ਪੀ ਏ ਚੇਤਨ ਕੁਮਾਰ ਵੱਲੋਂ ਆ ਕੇ ਮੰਗ ਪੱਤਰ ਪ੍ਰਾਪਤ ਕੀਤਾ ਗਿਆ।

