ਸ਼ਹੀਦ ਪ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਮੰਤਰੀ ਭਗਤ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਪਿੰਡ ਮਾਨੂੰਪੁਰ ਪਹੁੰਚ ਕੇ ਦੁੱਖ ਸਾਂਝਾ ਕੀਤਾ। ਪ੍ਰਿਤਪਾਲ ਸਿੰਘ ਜੰਮੂ ਕਸ਼ਮੀਰ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋ ਗਏ ਸਨ। ਇਸ ਮੌਕੇ ਮੰਤਰੀ ਭਗਤ ਨੇ ਸ਼ਹੀਦ ਦੀ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ ਦੁੱਖ ਵੰਡਾਇਆ। ਉਨ੍ਹਾਂ ਨੇ ਦੱਸਿਆ ਕਿ ਦੇਸ਼ ਲਈ ਸ਼ਹੀਦ ਜਵਾਨ ਵੱਲੋਂ ਕੀਤੀ ਕੁਰਬਾਨੀ ਦੇ ਸਤਿਕਾਰ ਵਜੋਂ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਮੁੱਚਾ ਮੁਲਕ ਸ਼ਹੀਦਾਂ ਦਾ ਰਿਣੀ ਹੈ ਜੋ ਦੇਸ਼ ਵਾਸੀਆਂ ਦੀ ਰਾਖੀ ਕਰਦਿਆਂ ਜਾਨ ਕੁਰਬਾਨ ਕਰ ਗਏ। ਉਨ੍ਹਾਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਦੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸਾਡੇ ਜਵਾਨ ਦੁਸ਼ਮਣਾਂ ਦਾ ਡਟ ਕੇ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਦੇ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰੇਗੀ।