ਅਕਾਲ ਤਖ਼ਤ ਦੀ ਅਗਵਾਈ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਵੱਖ-ਵੱਖ ਪੜਾਵਾਂ ਰਾਹੀਂ ਹੁੰਦਾ ਹੋਇਆ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਪਹੁੰਚਿਆ ਜਿੱਥੇ ਵੱਡੀ ਗਿਣਤੀ ਸੰਗਤ ਨੇ ਇਸ ’ਚ ਸ਼ਮੂਲੀਅਤ ਕੀਤੀ। ਰਾਤਰੀ ਠਹਿਰਾਅ ਉਪਰੰਤ ਸਵੇਰੇ 10 ਵਜੇ ਇਹ ਮਾਰਚ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਅਗਲੇਰੀ ਮੰਜ਼ਿਲ ਵੱਲ ਰਵਾਨਾ ਹੋਇਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਨੇ ਅਕਾਲ ਤਖ਼ਤ ਦਾ ਨਿਰਮਾਣ ਕਰਵਾ ਕੇ ਸਿੱਖ ਜਗਤ ਨੂੰ ਮੀਰੀ ਪੀਰੀ ਦਾ ਸਿਧਾਂਤ ਦ੍ਰਿੜ ਕਰਵਾਉਂਦਿਆਂ ਪਾਤਸ਼ਾਹੀ ਅਤੇ ਬਾਦਸ਼ਾਹੀ ਬਖਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਪੁਰਾਤਨ ਰਵਾਇਤ ਦੀ ਤਰ੍ਹਾਂ ਸਾਨੂੰ ਅੱਜ ਵੀ ਅਕਾਲ ਤਖ਼ਤ ਦੀ ਅਗਵਾਈ ਹੇਠ ਇੱਕਜੁੱਟ ਤੇ ਇੱਕਮੁੱਠ ਹੋ ਕੇ ਬਾਣੀ ਤੇ ਬਾਣੇ ਦਾ ਧਾਰਨੀ ਹੋਣਾ ਚਾਹੀਦਾ ਹੈ। ਇਸ ਸਮੇਂ ਗੱਤਕਾ ਪਾਰਟੀਆਂ, ਸਕੂਲ ਬੱਚਿਆਂ ਦੇ ਬੈਂਡ, ਬੈਂਡ ਪਾਰਟੀਆਂ ਅਤੇ ਘੋੜਿਆਂ ’ਤੇ ਸਵਾਰ ਨਿਹੰਗ ਸਿੰਘਾਂ ਨੇ ਕਰਤੱਬ ਦਿਖਾਏ। ਰਸਤਿਆਂ ਨੂੰ ਕੇਸਰੀ ਝੰਡੀਆਂ, ਝੰਡੇ ਅਤੇ ਸਵਾਗਤੀ ਗੇਟ ਲਗਾ ਕੇ ਸਜਾਇਆ ਗਿਆ। ਇਸ ਸਮੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ, ਬਾਬਾ ਹਰਭਿੰਦਰ ਸਿੰਘ ਭਿੰਦਾ ਕਾਰ ਸੇਵਾ ਵਾਲੇ, ਗਿਆਨੀ ਕੇਵਲ ਸਿੰਘ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਕੇਵਲ ਸਿੰਘ ਬਾਦਲ, ਰਜਿੰਦਰ ਕੌਰ, ਜਥੇਦਾਰ ਰਘਬੀਰ ਸਿੰਘ ਸਹਾਰਨਮਾਜਰਾ, ਚਰਨ ਸਿੰਘ ਆਲਮਗੀਰ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ) ਹਰਪ੍ਰੀਤ ਸਿੰਘ ਸਿੰਮਕ, ਮੈਨੇਜਰ ਸਰਬਦਿਆਲ ਸਿੰਘ, ਮਾਤਾ ਵਿਪਨਜੀਤ ਕੌਰ, ਪ੍ਰਧਾਨ ਚੰਦ ਸਿੰਘ ਡੱਲਾ, ਜਥੇਦਾਰ ਪ੍ਰਿਤਪਾਲ ਸਿੰਘ, ਸਰਬਜੀਤ ਸਿੰਘ, ਗੁਰਿੰਦਰ ਸਿੰਘ, ਭਗਵੰਤ ਸਿੰਘ ਅਤੇ ਸੰਗਤ ਹਾਜ਼ਰ ਸੀ।
ਨਗਰ ਕੀਰਤਨ ਦਾ ਸਵਾਗਤ ਕੀਤਾ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਦੀ ਸੰਗਤ ਵੱਲੋਂ ਸਵਾਗਤ ਕੀਤਾ ਗਿਆ। ਗਿੱਲ ਰੋਡ ’ਤੇ ਨਗਰ ਕੀਰਤਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਅਤੇ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਸਟਾਫ਼ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਜੈਕਾਰੇ ਛੱਡੇ।
ਖ਼ਾਲਸਾ ਮਾਰਚ ਅੱਜ ਮਾਛੀਵਾੜਾ ’ਚ
ਮਾਛੀਵਾੜਾ (ਪੱਤਰ ਪ੍ਰੇਰਕ): ਮੀਰੀ ਪੀਰੀ ਖ਼ਾਲਸਾ ਮਾਰਚ ਅੱਜ 2 ਸਤੰਬਰ ਨੂੰ ਇਤਿਹਾਸਕ ਸ਼ਹਿਰ ਮਾਛੀਵਾੜਾ ਸਾਹਿਬ ਵਿਖੇ ਪੁੱਜੇਗਾ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਇਹ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਹੈ ਜੋ 2 ਸਤੰਬਰ ਨੂੰ ਦੁਪਹਿਰ 1 ਵਜੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪੁੱਜੇਗਾ। ਉਨ੍ਹਾਂ ਦੱਸਿਆ ਕਿ ਖ਼ਾਲਸਾ ਮਾਰਚ ਦੇ ਸਵਾਗਤ ਲਈ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਮੈਨੇਜਰ ਮੰਗਲੀ ਨੇ ਦੱਸਿਆ ਕਿ ਆੜ੍ਹਤੀ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ ਤੇ ਨਗਰ ਕੌਂਸਲ ਤੋਂ ਇਲਾਵਾ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਮਾਰਚ ਦੇ ਸਵਾਗਤ ਲਈ ਤਿਆਰੀਆਂ ਮੁਕੰਮਲ ਹਨ ਅਤੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿੱਚ ਸੰਗਤ ਵੱਲੋਂ ਲੰਗਰ ਛਕਾ ਕੇ ਅਗਲੇ ਪੜਾਅ ਲਈ ਰਵਾਨਾ ਕੀਤਾ ਜਾਵੇਗਾ।

