ਜਗਰਾਉਂ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਰੋਨਾ ਮਹਾਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਠੂਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਹਠੂਰ ਸਮੇਤ ਉਨ੍ਹਾਂ ਦੇ ਅਧਿਕਾਰ ਖੇਤਰ ’ਚ ਆਉਂਦੇ ਸਿਹਤ ਕੇਂਦਰ ਚੌਂਕੀਮਾਨ, ਮਾਣੂੰਕੇ, ਕਾਉਂਕੇ ਕਲਾਂ ਤੇ ਵਿਭਾਗ ਦੀਆਂ ਟੀਮਾਂ ਵੱਲੋਂ ਟੀਕੇ ਲਗਾਏ ਜਾ ਰਹੇ ਹਨ। ਟੀਕਾਕਰਨ ਮੁਹਿੰਮ ’ਚ ਸੇਵਾਵਾਂ ਨਿਭਾਅ ਰਹੇ ਡਾ. ਮਨਵੀਰ ਸਿੰਘ ਖਹਿਰਾ, ਡਾ.ਅਮਨਪ੍ਰੀਤ ਸਿੰਘ ਬੇਦੀ ਤੇ ਡਾ. ਸ਼ਰਨਜੀਤ ਨੇ ਦੱਸਿਆ ਕਿ ਸ਼ੁਰੂਆਤੀ ਦਿਨ ਹੋਣ ਕਾਰਨ ਲੋਕਾਂ ਵੱਲੋਂ ਮੁਹਿੰਮ ਨੂੰ ਰਲਿਆ ਮਿਲਿਆ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 290 ਦੇ ਕਰੀਬ ਲੋਕਾਂ ਦੇ ਟੀਕੇ ਲਗਾਏ ਜਾ ਚੁੱਕੇ ਹਨ। -ਪੱਤਰ ਪ੍ਰੇਰਕ