ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਜੁਲਾਈ
ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਵਾਰਡ ਨੰਬਰ 5 ਵਿੱਚ ਪੈਂਦੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਦਾ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ ਗਿਆ ਅਤੇ ਸਕੂਲਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦਾ ਤੁਰੰਤ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ। ਵਿਧਾਇਕ ਭੋਲਾ ਨੇ ਦੱਸਿਆ ਕਿ ਇਸ ਸਕੂਲ ਵਿੱਚ ਬੱਚਿਆਂ ਦੀ ਗਿਣਤੀ ਜ਼ਿਆਦਾ ਹੈ ਅਤੇ ਸਕੂਲ ਕਾਫੀ ਛੋਟਾ ਹੈ, ਜਿਸ ਲਈ ਕੈਲਾਸ਼ ਨਗਰ ਵਿੱਚ ਹੀ ਨਵੀਂ ਇਮਾਰਤ ਉਸਾਰੀ ਅਧੀਨ ਹੈ, ਜਿਸਦੇ ਜਲਦ ਮੁਕੰਮਲ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਜ਼ਿਆਦਾ ਗਿਣਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਸਕੂਲ ਨੂੰ ਨਵੀਂ ਬਣ ਰਹੀ ਇਮਾਰਤ ਵਿੱਚ ਸਿਫ਼ਟ ਕੀਤਾ ਜਾਵੇਗਾ। ਵਿਧਾਇਕ ਭੋਲਾ ਨੇ ਪਿਛਲੀਆਂ ਸਰਕਾਰਾਂ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਜ਼ਮੀਨ ਪੱਧਰ ’ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੁੱਝ ਨਹੀਂ ਕੀਤਾ। ਵਿਧਾਇਕ ਭੋਲਾ ਨੇ ਅੱਗੇ ਦੱਸਿਆ ਕਿ ਹਲਕਾ ਪੂਰਬੀ ਵਿੱਚ ਹੋਰ ਸਕੂਲਾਂ ਦੇ ਨਵੀਨੀਕਰਨ ਸਬੰਧੀ ਜਿਹੜੇ ਕੰਮ ਚੱਲ ਰਹੇ ਹਨ, ਉਹ ਨਿਰਵਿਘਨ ਨੇਪਰੇ ਚੜ੍ਹਨਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਠੀਕ ਕਿਹਾ ਜਾਂਦਾ ਹੈ ਕਿ ਵਿੱਦਿਆ ਹੀ ਦੌਲਤ ਹੈ, ਜੋ ਹਰ ਦੇਸ਼ ਦੇ ਭਵਿੱਖ ਦਾ ਫੈਸਲਾ ਕਰਦੀ ਹੈ, ਇਸੇ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਦੇ ਹਲਕੇ ਦੇ ਲੋਕ ਹੋਰ ਅਮੀਰ ਬਣ ਸਕਣ। ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ।