ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 30 ਅਪਰੈਲ
ਹਲਕਾ ਦੱਖਣੀ ਤੋਂ ‘ਆਪ’ ਦੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਏਵਨ ਸਾਈਕਲ ਵਿੱਚ ਸਾਈਕਲ ਉਦਯੋਗ ਨਾਲ ਸਬੰਧਤ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦਾ ਜਲਦ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ। ਇਸ ਮੌਕੇ ਏ-ਵਨ ਸਾਈਕਲ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਧਾਇਕ ਛੀਨਾ ਨੂੰ ਸਨਮਾਨਿਤ ਵੀ ਕੀਤਾ।
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਸਨਅਤਕਾਰਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਇੱਕ-ਇੱਕ ਕਰਕੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਸਾਈਕਲ ਉਦਯੋਗ ਲਈ ਵਿਸ਼ਵ ਭਰ ਵਿੱਚ ਪ੍ਰਸਿੱਧ ਹੈ ਅਤੇ ਭਾਰਤ ਦੇ ਹਰ ਕੋਨੇ ਵਿੱਚੋਂ ਲੋਕ ਇੱਥੇ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਈਕਲ ਉਦਯੋਗ ਨੂੰ ਸਿਖਰਾਂ ’ਤੇ ਪਹੰਚਾਉਣ ਲਈ ਕੰਮ ਕਰ ਰਹੀ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ‘ਆਪ’ ਦੀ ਸਰਕਾਰ ਲਗਾਤਾਰ ਵਧੀਆ ਕੰਮ ਕਰ ਰਹੀ ਹੈ, ਮੁੱਖ ਮੰਤਰੀ ਭਗਵੰਤ ਮਾਨ ਕਈ ਵੱਡੇ ਸਨਅਤਕਾਰਾਂ ਨਾਲ ਮੀਟਿੰਗਾਂ ਕਰ ਕੇ ਸਨਅਤੀ ਸ਼ਹਿਰ ਦੇ ਸਨਅਤਕਾਰਾਂ ਲਈ ਨਵੀਆਂ ਪਾਲਿਸੀਆਂ ਲੈ ਕੇ ਆਉਣਗੇ, ਤਾਂ ਕਿ ਸਨਅਤਾਂ ਨੂੰ ਅੱਗੇ ਵਧਾਇਆ ਜਾ ਸਕੇ। ਇਸ ਮੌਕੇ ਏ-ਵਨ ਸਾਈਕਲ ਦੇ ਓਂਕਾਰ ਸਿੰਘ ਪਾਹਵਾ, ਰਿਸ਼ੀ ਪਾਹਵਾ, ਰਾਲਸਨ ਸਾਈਕਲ ਤੋਂ ਸੰਜੀਵ ਪਾਹਵਾ, ਬਿੱਗ ਬੈਨ ਸਾਈਕਲ ਤੋਂ ਜੋਗਿੰਦਰ ਸਿੰਘ ਸਣੇ ਵੱਡੀ ਗਿਣਤੀ ਵਿੱਚ ਸਨਅਤਕਾਰ ਮੌਜੂਦ ਸਨ।