ਸਤਵਿੰਦਰ ਬਸਰਾ
ਲੁਧਿਆਣਾ, 20 ਸਤੰਬਰ
ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨਾਨ-ਟੀਚਿੰਗ ਮੁਲਾਜ਼ਮਾਂ ਵੱਲੋਂ ਬੀਤੇ ਦਿਨ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਦੇ ਅੱਜ ਦੂਜੇ ਦਿਨ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਧਰਨੇ ਵਾਲੀ ਥਾਂ ਪਹੁੰਚੇ। ਇਸ ਮੌਕੇ ਉਨ੍ਹਾਂ ’ਵਰਸਿਟੀ ਦੇ ਅਧਿਕਾਰੀਆਂ ਨੂੰ ਵੀ ਮੌਕੇ ’ਤੇ ਬੁਲਾਇਆ ਅਤੇ ਮੁਲਾਜ਼ਮਾਂ ਦਾ ਮਾਮਲਾ ਜਲਦੀ ਸੁਲਝਾਉਣ ਲਈ ਆਖਿਆ। ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ, ਜਨਰਲ ਸਕੱਤਰ ਹਰਪ੍ਰੀਤ ਚੁੰਬਰ ਅਤੇ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਛੇਵੇਂ ਪੇ ਕਮਿਸ਼ਨ ਅਨੁਸਾਰ ਤਨਖ਼ਾਹ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਪਿਛਲੇ ਸੱਤ ਮਹੀਨਿਆਂ ਤੋਂ ਛੇਵੇਂ ਪੇ-ਕਮਿਸ਼ਨ ਅਨੁਸਾਰ ਤਨਖਾਹ ਨਾ ਦੇਣ ਕਰਕੇ ਵੱਡਾ ਵਿੱਤੀ ਨੁਕਸਾਨ ਹੋਇਆ ਹੈ। ਮੁਲਾਜ਼ਮ ਆਗੂਆਂ ਦਾ ਕਹਿਣਾ ਸੀ ਕਿ ਪੀਏਯੂ ਸਮੇਤ ਹੋਰ ਸਰਕਾਰੀ ਵਿਭਾਗਾਂ ਵਿੱਚ ਮੁਲਾਜ਼ਮਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਤਨਖਾਹਾਂ ਅਤੇ ਹੋਰ ਭੱਤੇ ਮਿਲ ਰਹੇ ਹਨ ਪਰ ਅਫਸੋਸ ਵੈਟਰਨਰੀ ’ਵਰਸਿਟੀ ਦੇ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਇਸ ਧਰਨੇ ਵਿੱਚ ’ਵਰਸਿਟੀ ਦੇ ਮੌਜੂਦਾ ਮੁਲਾਜ਼ਮਾਂ ਦੇ ਨਾਲ ਨਾਲ ਸਾਬਕਾ ਮੁਲਾਜ਼ਮਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਆਗੂਆਂ ਨੇ ਦੱਸਿਆ ਕਿ ਰਾਮਪੁਰਾ ਫੂਲ ਦੇ ਸਰਕਾਰੀ ਵੈਟਰਨਰੀ ਕਾਲਜ ਵਿੱਚ ਵੀ ਮੁਲਾਜ਼ਮਾਂ ਵੱਲੋਂ ਦੂਜੇ ਦਿਨ ਧਰਨਾ ਲਗਾਇਆ ਗਿਆ।
ਇਸ ਦੌਰਾਨ ਵਿਧਾਇਕ ਸ੍ਰੀ ਗੋਗੀ ਵੀ ਧਰਨਾਕਾਰੀਆਂ ਕੋਲ ਪਹੁੰਚੇ। ਉਨ੍ਹਾਂ ਮੌਕੇ ’ਤੇ ’ਵਰਸਿਟੀ ਦੇ ਉਪ ਕੁਲਪਤੀ ਅਤੇ ਰਜਿਸਟਰਾਰ ਨੂੰ ਬੁਲਾ ਕੇ ਮੁਲਾਜ਼ਮਾਂ ਦੀ ਮੰਗ ਨੂੰ ਹੱਲ ਕਰਵਾਉਣ ਲਈ ਆਖਿਆ। ਵਿਧਾਇਕ ਨੇ ਨਾਨ-ਟੀਚਿੰਗ ਯੂਨੀਅਨ ਦੀ ਪੰਜ ਮੈਂਬਰੀ ਕਮੇਟੀ ਬਣਾ ਕੇ 22 ਸਤੰਬਰ ਨੂੰ ਚੰਡੀਗੜ੍ਹ ਵਿੱਚ ਸਬੰਧਤ ਵਿਭਾਗ ਦੇ ਮੰਤਰੀ ਨਾਲ ਮੀਟਿੰਗ ਕਰਵਾ ਕੇ ਮਸਲੇ ਨੂੰ ਜਲਦੀ ਤੋਂ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਯੂਨੀਅਨ ਵੱਲੋਂ ਦਲਜੀਤ ਸਿੰਘ, ਪ੍ਰਿਤਪਾਲ ਸਿੰਘ, ਹਰਸਿਮਰਨ ਸਿੰਘ, ਗਗਨਦੀਪ ਸਿੰਘ, ਸੁਬੋਧ ਰਾਏ, ਦੀਪਕ ਤਲਵਾੜ ਕੇ ਪ੍ਰਿਯੰਕ ਗਰਗ ਆਦਿ ਆਗੂ ਵੀ ਹਾਜ਼ਰ ਸਨ।